ਪੰਜਾਬ ਵਿਧਾਨ ਸਭਾ 'ਚ ਚਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ, ਸਦਨ ਦੀ ਕਾਰਵਾਈ ਮੁਲਤਵੀ (ਵੀਡੀਓ)
Tuesday, Dec 30, 2025 - 11:58 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ ਅੰਦਰ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਦਨ ਅੰਦਰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਰਨਣ ਕੀਤਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਪੰਜਾਬ ਵਿਧਾਨ ਸਭਾ 'ਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਨੇ ਸਾਡੇ ਸਿਰਾਂ 'ਤੇ ਦਸਤਾਰਾਂ ਸ਼ੋਭਦੀਆਂ ਰੱਖਣ ਲਈ ਆਪਣੇ ਖੂਨ ਦਾ ਕਤਰਾ-ਕਤਰਾ ਵਹਾਅ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਸ. ਭਗਵੰਤ ਸਿੰਘ ਮਾਨ ਜੀ ਵਲੋਂ ਸਾਹਿਬਜ਼ਾਦਿਆਂ ਦਾ ਇਤਿਹਾਸ ਲੋਕ ਸਭਾ 'ਚ ਸੁਣਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ, ਜਿਸ ਤੋਂ ਚਿੜ੍ਹ ਕੇ ਮੁਸਲਮਾਨੀ ਰਾਜੇ ਗੁਰੂ ਜੀ ਦੇ ਵਿਰੁੱਧ ਹੋ ਗਏ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਇਕ ਦਲਿਤ ਕ੍ਰਾਂਤੀ ਦੇ ਰੂਪ 'ਚ ਉੱਭਰ ਕੇ ਸਾਹਮਣੇ ਆਇਆ। ਸਦਨ 'ਚ ਬੋਲਦਿਆਂ ਵਿਧਾਇਕ ਡਾ. ਨਛੱਤਰ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅੰਦਰ ਖ਼ਾਲਸਾ ਪੰਥ ਦੀ ਸਥਾਪਨਾ ਕੀਤਾ, ਜਿਸ ਨਾਲ ਬਹੁਤ ਵੱਡੇ-ਵੱਡੇ ਜਰਨੈਲ ਪੈਦਾ ਹੋਏ। ਵਿਧਾਇਕ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਅੱਜ ਗੁਰੂ ਪੁੱਤਰਾਂ ਨੂੰ ਸਿਜਦਾ ਕਰਨ ਦਾ ਦਿਨ ਹੈ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਮਿਸਾਲ ਨਹੀਂ ਹੈ, ਜਿਸ ਅੰਦਰ ਇਸ ਤਰ੍ਹਾਂ ਪੂਰੇ ਪਰਿਵਾਰ ਦਾ ਬਲਿਦਾਨ ਹੋਇਆ ਹੋਵੇ। ਅੱਜ ਗੁਰੂ ਪੁੱਤਰਾਂ ਨੂੰ ਸਿਜਦਾ ਕਰਨ ਦਾ ਦਿਨ ਹੈ। ਅੱਜ ਕੰਨੜ ਅੰਦਰ ਵੀ ਗੁਰੂ ਪੁੱਤਰਾਂ ਦੇ ਵੀ ਦਿਹਾੜੇ ਮਨਾਏ ਗਏ। ਉਨ੍ਹਾਂ ਕਿਹਾ ਕਿ ਇਹ ਵਿਸ਼ਵ ਵਿਆਪੀ ਬਲਿਦਾਨ ਦਿਵਸ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ।
ਮਹਾਨ ਕੁਰਬਾਨੀਆਂ ਸਿੱਖ ਕੌਮ ਦੇ ਇਤਿਹਾਸ 'ਚ ਹੋਈਆਂ : ਮਨਪ੍ਰੀਤ ਇਆਲੀ
ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਉਨ੍ਹਾਂ ਨੇ ਹਿੰਦੂ ਧਰਮ ਦੀ ਰਾਖੀ ਕਰਦਿਆਂ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਨੂੰ ਨੀਹਾਂ 'ਚ ਚਿਣਿਆ ਗਿਆ ਅਤੇ ਮਾਤਾ ਗੁਜਰੀ ਜੀ ਨੇ ਵੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਗੌਰਵਮਈ ਇਤਿਹਾਸ ਨੂੰ ਯਾਦ ਰੱਖੀਏ ਕਿਉਂਕਿ ਓਹੀ ਕੌਮਾਂ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਇਤਿਹਾਸ ਨੂੰ ਯਾਦ ਰੱਖਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਲੇਡੀ ਡਰੱਗ ਅਫ਼ਸਰ ਨੇ ਚਮਕਾਇਆ ਪੂਰੇ ਦੇਸ਼ ਦਾ ਨਾਂ, ਕਾਇਮ ਕੀਤੀ ਵੱਡੀ ਮਿਸਾਲ
ਮਨਰੇਗਾ ਦਾ ਨਾਂ ਬਦਲਣ ਖ਼ਿਲਾਫ਼ ਪੇਸ਼ ਕੀਤਾ ਜਾਵੇਗਾ ਮਤਾ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦਾ ਨਾਂ ਬਦਲਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਕੇਂਦਰ ਸਰਕਾਰ ਨੇ ਇਸ ਯੋਜਨਾ ਦਾ ਨਾਂ ਬਦਲ ਕੇ 'ਵਿਕਾਸ ਭਾਰਤ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਮਿਸ਼ਨ (ਗ੍ਰਾਮੀਣ) (ਵੀ. ਬੀ. ਗ੍ਰਾਮ-ਜੀ)' ਰੱਖ ਦਿੱਤਾ ਹੈ, ਜਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੌਰਾਨ ਮਨਰੇਗਾ ਐਕਟ 'ਚ ਸੋਧਾਂ ਨੂੰ ਰੱਦ ਕਰਨ ਦੀਆਂ ਮੰਗਾਂ ਕੀਤੀਆਂ ਜਾਣਗੀਆਂ। ਕੇਂਦਰ ਸਰਗਕਾਰ ਖ਼ਿਲਾਫ਼ ਇਕ ਮਤਾ ਵੀ ਪੇਸ਼ ਕੀਤਾ ਜਾਵੇਗਾ, ਹਾਲਾਂਕਿ ਸਦਨ 'ਚ ਕੋਈ ਪ੍ਰਸ਼ਨ ਕਾਲ ਜਾਂ ਸਿਫ਼ਰ ਕਾਲ ਨਹੀਂ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
