ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
Thursday, Oct 08, 2026 - 06:38 PM (IST)
ਪਟਿਆਲਾ (ਸੁਖਮੀਤ): ਪੰਜਾਬ ਵਿਜੀਲੈਂਸ ਬਿਊਰੋ ਨੇ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐੱਸ.ਡੀ.ਓ.) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐੱਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
