ਪੰਜਾਬ ਦੇ ਪਿੰਡਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਸਰਪੰਚਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

Thursday, Apr 24, 2025 - 06:17 PM (IST)

ਪੰਜਾਬ ਦੇ ਪਿੰਡਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਸਰਪੰਚਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ

ਚੰਡੀਗੜ੍ਹ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪਿੰਡ ਨਦਾਮਪੁਰ 'ਚ ਪ੍ਰਵਾਸੀ ਮਜ਼ਦੂਰਾਂ ਨੇ ਕਰ 'ਤਾ ਵੱਡਾ ਕਾਂਡ, ਘਟਨਾ ਦੇਖ ਸਾਰੇ ਪਿੰਡ ਦੇ ਉਡੇ ਹੋਸ਼

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ-ਚਾਪ ਬੈਠ ਕੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ 'ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਹੋਏ ਨਹੀਂ ਦੇਖੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਬਣਾਈ ਜਾਇਦਾਦ ਨੂੰ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਦੂਜਿਆਂ ਨੂੰ ਇਸ ਕੰਮ ਵਿਚ ਆਉਣੋਂ ਰੋਕੇ। 

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਦੋ ਥਾਣਿਆਂ ਦੀ ਪੁਲਸ ਨੇ ਛਾਪਾ ਮਾਰਿਆ ਤਾਂ ਮੰਜ਼ਰ ਦੇਖ ਉਡੇ ਹੋਸ਼

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਜਮਹੂਰੀ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ, ਜੋ ਪੇਂਡੂ ਖੇਤਰਾਂ ਦੀ ਤਬਦੀਲੀ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਂਕਿ ਉਨ੍ਹਾਂ ਨੇ ਸਮੁੱਚੇ ਪੇਂਡੂ ਵਿਕਾਸ ਦੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਸਰਪੰਚ ਸੂਬਾ ਸਰਕਾਰ ਦੀਆਂ ਅਸਲ ਅੱਖਾਂ ਅਤੇ ਕੰਨ ਹਨ ਕਿਉਂਕਿ ਉਹ ਜ਼ਮੀਨੀ ਪੱਧਰ 'ਤੇ ਜਨਤਾ ਨਾਲ ਚੰਗੀ ਤਰ੍ਹਾਂ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਸਾਰੇ ਸਰਪੰਚਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਬਹੁਤ ਸੁਹਿਰਦਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਸਮਝਿਆ ਜਾਂਦਾ ਹੈ ਕਿਉਂਕਿ ਜੋ ਉਨ੍ਹਾਂ ਵੱਲੋਂ ਲਏ ਫੈਸਲਿਆਂ ਨੂੰ ਸਮੁੱਚੇ ਪਿੰਡਾਂ ਦੁਆਰਾ ਅਦਬ ਨਾਲ ਸਵੀਕਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਨੂੰ ਤਾਕਤ ਦਿੱਤੀ ਹੈ ਤਾਂ ਲੋਕਾਂ ਦੀ ਇੱਛਾਵਾਂ ਅਤੇ ਹਿੱਤਾਂ ਦੀ ਪੂਰਤੀ ਕਰਨਾ ਇਹ ਸਰਪੰਚਾਂ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਉਲੀਕਦੀਆਂ ਹਨ, ਜਦਕਿ ਸਰਪੰਚ ਤੇ ਪੰਚ ਜ਼ਮੀਨੀ ਪੱਧਰ ਉਤੇ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਭਗਵੰਤ ਸਿੰਘ ਮਾਨ ਨੇ ਸਾਰੇ ਸਰਪੰਚਾਂ ਨੂੰ ਵਿਕਾਸ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਤੇ ਸੇਵਾਵਾਂ ਦੀ ਨਿਗਰਾਨੀ ਨੂੰ ਤਨਦੇਹੀ ਨਾਲ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਵੱਡਾ ਕਦਮ

ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦਖਲਅੰਦਾਜ਼ੀ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿੰਡਾਂ ਵਿਚ ਧੜੇਬੰਦੀ ਕਾਰਨ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ। ਸਰਪੰਚਾਂ ਨੂੰ ਪਿੰਡਾਂ ਵਿਚ ਧੜੇਬੰਦੀ ਖਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ। ਸਰਪੰਚ ਨੂੰ ਹਰੇਕ ਪਿੰਡ ਵਾਸੀ ਨਾਲ ਬਰਾਬਰ ਵਿਵਹਾਰ ਕਰਨਾ ਚਾਹੀਦਾ ਹੈ ਅਤੇ ਫੈਸਲੇ ਨਿਰਪੱਖਤਾ ਨਾਲ ਲੈਣੇ ਚਾਹੀਦੇ ਹਨ। ਕਈ ਪਿੰਡਾਂ ਦੇ ਸਰਪੰਚਾਂ ਨੇ ਸਿਆਣਪ ਅਤੇ ਦੂਰਅੰਦੇਸ਼ੀ ਨਾਲ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੁਣਨ ਵਾਲੇ ਪਿੰਡਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਆਪਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਪਣੇ ਸਰਪੰਚਾਂ ਨੂੰ ਸਰਬਸੰਮਤੀ ਨਾਲ ਚੁਣਿਆ ਹੈ ਤਾਂ ਜੋ ਇਕ ਪਾਸੇ ਪਿੰਡਾਂ ਵਿੱਚ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਦੂਜੇ ਪਾਸੇ ਉਨ੍ਹਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਕੈਟਾਗਰੀਆਂ ਵਿਚ ਪੰਚਾਇਤ ਦੀ ਪ੍ਰਗਤੀ ਬਾਰੇ ਸੂਚਕ ਅੰਕ ਵਿਚ ਸਭ ਤੋਂ ਵੱਧ ਅੰਕ ਲੈ ਕੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਬਠਿੰਡਾ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਬੱਲ੍ਹੋ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਕੈਟਾਗਰੀਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਨੌਂ ਪੰਚਾਇਤਾਂ ਅਤੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੀ ਮੁੱਖ ਮੰਤਰੀ ਨੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਸਵੈ-ਸਹਾਇਤਾ ਗਰੁੱਪ ਅਤੇ ਪੰਚਾਇਤ ਸਕੱਤਰਾਂ ਦਾ ਵੀ ਸਨਮਾਨ ਕੀਤਾ।

ਇਹ ਵੀ ਪੜ੍ਹੋ : ਇਸ ਭਿਆਨਕ ਬਿਮਾਰੀ ਨੂੰ ਲੈ ਕੇ ਪੰਜਾਬ 'ਚ ਅਲਰਟ, ਜੇ ਨਜ਼ਰ ਆਉਣ ਇਹ ਲੱਛਣ ਤਾਂ ਸਾਵਧਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News