ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਘਟਾਇਆ ਤਾਪਮਾਨ, ਜਾਣੋ ਅਗਲੇ 3 ਦਿਨ ਕਿਹੋ ਜਿਹਾ ਰਹੇਗਾ ਮੌਸਮ
Saturday, Mar 29, 2025 - 03:29 AM (IST)

ਚੰਡੀਗੜ੍ਹ (ਪਾਲ) : ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਵਾਧਾ ਦੇਖਿਆ ਜਾ ਰਿਹਾ ਸੀ। ਇੱਕ ਦਿਨ ਪਹਿਲਾਂ 35 ਡਿਗਰੀ ਤੱਕ ਪਹੁੰਚ ਗਿਆ ਸੀ ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ ਪਰ ਸ਼ੁੱਕਰਵਾਰ ਸਵੇਰ ਤੋਂ ਚੱਲ ਰਹੀਆਂ ਹਵਾਵਾਂ ਕਾਰਨ ਮੌਸਮ ਠੰਡਾ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਵਿਚ ਵੱਧ ਤੋਂ ਵੱਧ ਤਾਪਮਾਨ 6.6 ਡਿਗਰੀ ਘੱਟ ਗਿਆ ਹੈ ਜੋ ਕਿ ਆਮ ਨਾਲੋਂ 3.1 ਡਿਗਰੀ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 28.5 ਡਿਗਰੀ ਦਰਜ ਕੀਤਾ ਗਿਆ ਜਦੋਂ ਕਿ ਘੱਟੋ-ਘੱਟ ਤਾਪਮਾਨ 17.6 ਡਿਗਰੀ ਰਿਹਾ। ਉੱਤਰ-ਪੱਛਮੀ ਦਿਸ਼ਾਵਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਉੱਤਰੀ ਭਾਰਤ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਪਹਾੜਾਂ ਵਿਚ ਤਾਜ਼ਾ ਬਰਫ਼ਬਾਰੀ ਵੀ ਠੰਢ ਵਧਣ ਦਾ ਇੱਕ ਵੱਡਾ ਕਾਰਨ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ, ਜਿਸ ਕਾਰਨ ਤਾਪਮਾਨ ਹੋਰ ਘਟ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਦਿਨ ਦਾ ਤਾਪਮਾਨ ਫਿਰ ਵਧਣ ਦੀ ਸੰਭਾਵਨਾ ਹੈ। ਇਸ ਵੇਲੇ ਮੀਂਹ ਬਾਰੇ ਕੋਈ ਭਵਿੱਖਬਾਣੀ ਨਹੀਂ ਹੈ। ਫਿਲਹਾਲ ਮੌਸਮ ਖੁਸ਼ਕ ਰਹੇਗਾ।
ਦੋ ਦਿਨ ਵਧਦੀ ਗਰਮੀ ਤੋਂ ਰਾਹਤ
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਵਧਦੀ ਗਰਮੀ ਤੋਂ ਰਾਹਤ ਮਿਲੇਗੀ। ਦਿਨ ਵੇਲੇ ਤਾਪਮਾਨ 29 ਤੋਂ 31 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ ਜਦੋਂ ਕਿ ਰਾਤ ਨੂੰ ਥੋੜ੍ਹੀ ਜਿਹੀ ਗਿਰਾਵਟ ਦੀ ਸੰਭਾਵਨਾ ਹੈ ਜੋ ਕਿ 16 ਤੋਂ 17 ਡਿਗਰੀ ਦੇ ਆਸ-ਪਾਸ ਰਹੇਗਾ। 31 ਮਾਰਚ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਫਿਰ ਤਾਪਮਾਨ ਵਧਣ ਲੱਗ ਪਵੇਗਾ।
ਅਗਲੇ 3 ਦਿਨ ਕਿਹੋ ਜਿਹਾ ਰਹੇਗਾ ਮੌਸਮ
ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਆਸ-ਪਾਸ ਰਹੇਗਾ।
ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ।
ਸੋਮਵਾਰ ਨੂੰ ਅਸਮਾਨ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਰਹਿਣ ਦੀ ਉਮੀਦ ਹੈ।