ਪੰਜਾਬ ''ਚ ਮੀਂਹ ਤੇ ਧੁੰਦ ਨੂੰ ਲੈ ਕੇ ਨਵੀਂ ਅਪਡੇਟ! 8 ਜ਼ਿਲ੍ਹਿਆਂ ਲਈ Alert ਜਾਰੀ
Monday, Dec 08, 2025 - 05:55 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਠੰਡ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਜ਼ਿਆਦਾਤਰ ਇਲਾਕਿਆਂ ਵਿਚ ਤੜਕਸਾਰ ਧੁੰਦ ਦਾ ਅਸਰ ਦਿਸਨਾ ਵੀ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦੁਪਹਿਰ ਵੇਲੇ ਖੁੱਲ੍ਹ ਕੇ ਧੁੱਪ ਖਿੜਣ ਕਾਰਨ ਲੋਕਾਂ ਨੂੰ ਰਾਹਤ ਵੀ ਮਿਲ ਰਹੀ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਕੱਲ੍ਹ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਇਸ ਸਬੰਧੀ 8 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ ਵਿਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ, ਜੋ ਤਿੰਨ ਦਿਨਾਂ ਤਕ ਜਾਰੀ ਰਹੇਗੀ। ਇਸ ਤੋਂ ਇਲਾਵਾ ਸੂਬੇ ਦੇ ਤਾਪਮਾਨ ਵਿਚ 2 ਡਿਗਰੀ ਤਕ ਗਿਰਾਵਟ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਫ਼ਿਲਹਾਲ ਮੀਂਹ ਦੀ ਸੰਭਾਵਨਾ ਨਹੀਂ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਫ਼ਿਲਹਾਲ ਸੂਬੇ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਇਸ ਹਫ਼ਤੇ ਮੌਸਮ ਸਾਫ਼ ਰਹੇਗਾ। ਹਾਲਾਂਕਿ 13 ਦਸੰਬਰ ਤੋਂ ਹਿਮਾਲਿਆ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਤੇ ਹੋਰ ਮੈਦਾਨੀ ਇਲਾਕਿਆਂ ਵਿਚ ਵੀ ਵੇਖਣ ਨੂੰ ਮਿਲ ਸਕਦਾ ਹੈ। ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਜ਼ਿਆਦਾ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
