ਪੰਜਾਬ ''ਚ ਪੈਣਗੇ ਗੜੇ! ਕੜਾਕੇ ਦੀ ਠੰਡ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਕਦੋਂ ਬਦਲੇਗਾ ਮੌਸਮ
Thursday, Jan 15, 2026 - 11:26 AM (IST)
ਚੰਡੀਗੜ੍ਹ: ਪੰਜਾਬ ਵਿਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਜਨ-ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਵੀ ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਬੀਤੇ 24 ਘੰਟਿਆਂ ਦੌਰਾਨ ਤਾਪਮਾਨ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਪਰ ਫਿਰ ਵੀ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.3 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਘੱਟ ਰਿਹਾ।
ਠੰਡ ਤੋਂ ਮਿਲੇਗੀ ਹਲਕੀ ਰਾਹਤ
ਬੁੱਧਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਵਿਚ ਸਭ ਤੋਂ ਘੱਟ 3.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ, ਅੰਮ੍ਰਿਤਸਰ ਅਤੇ ਜਾਲੰਧਰ ਵਰਗੇ ਸ਼ਹਿਰਾਂ ਵਿਚ ਵੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਰਹੀ, ਜਦਕਿ ਜਲਾਲਾਬਾਦ ਵਿਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਾਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਰਗੇ ਇਲਾਕਿਆਂ ਵਿਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਵਿਚ ਘੱਟੋ-ਘੱਟ ਤਾਪਮਾਨ ਵਿਚ 3 ਤੋਂ 5 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਅਗਲੇ ਹਫ਼ਤੇ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 17 ਜਨਵਰੀ ਤੱਕ ਮੌਸਮ ਖ਼ੁਸ਼ਕ ਰਹੇਗਾ, ਪਰ 16 ਜਨਵਰੀ ਤੋਂ ਹਵਾਵਾਂ ਦਾ ਰੁਖ਼ ਬਦਲਣ ਦੀ ਉਮੀਦ ਹੈ। ਪਹਾੜਾਂ 'ਤੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਵਿਚ ਵੀ ਮੀਂਹ ਦੀ ਸਥਿਤੀ ਬਣ ਰਹੀ ਹੈ। 18 ਤੋਂ 20 ਜਨਵਰੀ ਤਕ ਸੂਬੇ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। 19 ਜਨਵਰੀ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਮੀਂਹ ਪੈਣ ਦੀ ਉਮੀਦ ਹੈ। 20 ਤੋਂ 23 ਜਨਵਰੀ ਤਕ ਪੰਜਾਬ ਅਤੇ ਹਰਿਆਣਾ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਗੜੇ ਵੀ ਪੈ ਸਕਦੇ ਹਨ।
