ਪੰਜਾਬ ''ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ALERT ਜਾਰੀ
Friday, Mar 27, 2026 - 06:36 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦਾ ਮੌਸਮ ਇਕ ਵਾਰ ਫ਼ਿਰ ਤੋਂ ਕਰਵਟ ਲੈਣ ਜਾ ਰਿਹਾ ਹੈ। ਆਉਣ ਵਾਲੇ ਕੁਝ ਦਿਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਹਨੇਰੀ-ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਨਾਲ ਸੂਬੇ ਦੇ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 28, 29 ਤੇ 30 ਮਾਰਚ ਨੂੰ ਪੂਰੇ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ 31 ਮਾਰਚ ਨੂੰ ਵੀ ਸੂਬੇ ਦੇ ਅੱਧੇ ਤੋਂ ਵੱਧ ਹਿੱਸੇ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਵਿਭਾਗ ਵੱਲੋਂ 28, 29 ਤੇ 30 ਮਾਰਚ ਨੂੰ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ 28 ਮਾਰਚ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 29 ਮਾਰਚ ਨੂੰ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ 30 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ 31 ਮਾਰਚ ਨੂੰ ਭਾਵੇਂ ਮੌਸਮ ਸਬੰਧੀ ਕੋਈ ਅਲਰਟ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਦੀ ਸੰਭਾਵਨਾ ਜ਼ਰੂਰ ਜਤਾਈ ਗਈ ਹੈ।

ਮੌਸਮ ਵਿਭਾਗ ਮੁਤਾਬਕ, ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਵੱਧ ਤਾਪਮਾਨ (31.1) ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 31 ਡਿਗਰੀ ਤੋਂ ਘੱਟ ਹੀ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

