ਦਿੱਲੀ ਤੋਂ ਬਾਅਦ ਹੁਣ 2027 ''ਚ ਪੰਜਾਬ ਵੀ ਹੋਵੇਗਾ ''ਆਪ'' ਮੁਕਤ : ਡਾ ਸੁਭਾਸ਼ ਸ਼ਰਮਾ
Saturday, Feb 08, 2025 - 06:35 PM (IST)
ਚੰਡੀਗੜ੍ਹ- ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਰਿਕਾਰਡਤੋੜ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵੀ 'ਆਪ' ਦਾ ਮੁਕਤ ਹੋਵੇਗਾ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਅੱਜ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀਆਂ ਝੂਠੀਆਂ ਗਰੰਟੀਆਂ ਵਿੱਚ ਨਹੀਂ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸੱਚੀਆਂ ਗਰੰਟੀਆਂ ਵਿੱਚ ਵਿਸ਼ਵਾਸ ਹੈ। ਇਸ ਲਈ ਅੱਜ ਭਾਜਪਾ ਨੇ ਦਿੱਲੀ ਵਿੱਚ ਜਿੱਤ ਦਾ ਝੰਡਾ ਲਹਿਰਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਿੱਥੇ ਅਰਵਿੰਦ ਕੇਜਰੀਵਾਲ ਇੰਨੇ ਸਾਲਾਂ ਤੋਂ ਕੁਸ਼ਾਸਨ ਚਲਾ ਰਹੇ ਸਨ, ਉੱਥੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੁਸ਼ਾਸਨ ਦਾ ਰਾਜ ਸ਼ੁਰੂ ਹੋ ਗਿਆ ਹੈ।
ਸ਼ਰਮਾ ਨੇ ਕਿਹਾ ਕਿ ਦਿੱਲੀ ਵਿੱਚ 27 ਸਾਲਾਂ ਬਾਅਦ ਵਿਕਾਸ ਦਾ ਸੂਰਜ ਚੜ੍ਹਿਆ ਹੈ ਅਤੇ ਇਸ ਸੂਰਜ ਨੂੰ ਕੋਈ ਬੱਦਲ ਨਹੀਂ ਢੱਕ ਸਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦਿੱਲੀ ਦਾ ਵਿਕਾਸ ਹੋਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੀ ਜਨਤਾ ਆਖਰਕਾਰ ਕੇਜਰੀਵਾਲ ਦੇ ਝੂਠੇ ਵਾਅਦਿਆਂ ਤੋਂ ਮੁਕਤ ਹੋ ਗਈ ਹੈ। ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਭਰੋਸਾ ਜਤਾਇਆ ਹੈ।
ਡਾ: ਸੁਭਾਸ਼ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਝੂਠੇ ਦਾਅਵਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਲੋਕ 2027 ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਉਸੇ ਤਰ੍ਹਾਂ ਸਬਕ ਸਿਖਾਉਣਗੇ, ਜਿਸ ਤਰ੍ਹਾਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੇ 'ਆਪ' ਨੂੰ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਇਸ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਸ ਲਈ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦਾ ‘ਆਪ’ ਤੋਂ ਮੁਕਤ ਹੋਣਾ ਪੂਰੀ ਤਰ੍ਹਾਂ ਤੈਅ ਹੈ।