ਕਿਸਾਨੀ ਮੋਰਚੇ ’ਚ ਡਟੀ ਜਪਜੀ ਖਹਿਰਾ, ਇੰਝ ਨਿਭਾ ਰਹੀ ਹੈ ਕਿਸਾਨ ਦੀ ਧੀ ਹੋਣ ਦਾ ਫਰਜ਼
Saturday, Jan 23, 2021 - 08:47 AM (IST)
ਚੰਡੀਗੜ੍ਹ (ਬਿਊਰੋ) - ਪੰਜਾਬੀ ਅਦਾਕਾਰਾ ਜਪਜੀ ਖਹਿਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਕਿਸਾਨ ਅੰਦੋਲਨ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ । ਜਪਜੀ ਖਹਿਰਾ ਪਹਿਲੇ ਦਿਨਾਂ ਤੋਂ ਹੀ ਕਿਸਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ। ਹਾਲ ਹੀ 'ਚ ਉਹ ਹਰਫ ਚੀਮਾ ਦੇ ਗਾਏ ਕਿਸਾਨੀ ਗੀਤ ਬਾਰਡਰ ਚ ਅਦਾਕਾਰੀ ਕਰਦੇ ਦੇਖਿਆ ਗਿਆ। ਦਿੱਲੀ ਕਿਸਾਨ ਮੋਰਚੇ ਤੋਂ ਜਪਜੀ ਖਹਿਰਾਂ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਕਿਸਾਨ ਭੈਣਾਂ ਦੇ ਨਾਲ ਲੰਗਰ 'ਚ ਰੋਟੀ ਪਕਾਉਂਦੀ ਹੋਈ ਦਿਖਾਈ ਦੇ ਰਹੀ ਹੈ। ਜਪਜੀ ਖਹਿਰਾ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- 'ਏਕੇ 'ਚ ਬਰਕਤ ਹੈ। ਦਰਸ਼ਕਾਂ ਨੂੰ ਜਪਜੀ ਖਹਿਰਾ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ 'ਚ ਇਸ ਪੋਸਟ 'ਤੇ ਲਾਈਕਸ ਆ ਚੁੱਕੇ ਹਨ। ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਹਨ।
ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।
ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।
ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।