CBSE ਦੇ ਸਿਲੇਬਸ 'ਚੋਂ ਹਟਾਈ ਜਾ ਰਹੀ ਪੰਜਾਬੀ! ਪੰਜਾਬ ਸਰਕਾਰ ਤੇ ਅਕਾਲੀ ਦਲ ਨੇ ਕੀਤਾ ਵਿਰੋਧ

Wednesday, Feb 26, 2025 - 02:16 PM (IST)

CBSE ਦੇ ਸਿਲੇਬਸ 'ਚੋਂ ਹਟਾਈ ਜਾ ਰਹੀ ਪੰਜਾਬੀ! ਪੰਜਾਬ ਸਰਕਾਰ ਤੇ ਅਕਾਲੀ ਦਲ ਨੇ ਕੀਤਾ ਵਿਰੋਧ

ਲੁਧਿਆਣਾ (ਵਿੱਕੀ ਸ਼ਰਮਾ): ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 2026 ਤੋਂ 10ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਨਾਲ ਜੁੜੇ ਡਰਾਫਟ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਹੈ। ਡਰਾਫਟ ਨਿਯਮਾਂ ਬਾਰੇ 9 ਮਾਰਚ ਤਕ ਲੋਕਾਂ ਦੀ ਰਾਏ ਮੰਗੀ ਗਈ ਹੈ, ਜਿਸ ਤੋਂ ਬਾਅਦ ਨੀਤੀ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੀਤੀ ਬਾਰੇ ਆਪਣਾ ਵਿਰੋਧ ਜਤਾਇਆ ਹੈ। 

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਲੋਕ ਸਭਾ ਸੈਸ਼ਨ 'ਚ ਹਿੱਸਾ ਲੈਣ ਬਾਰੇ ਆਈ ਅਹਿਮ ਅਪਡੇਟ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਚੋਂ ਪੰਜਾਬੀ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਉਂਦਿਆਂ ਇਕ ਪੱਤਰ ਲਿਖਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇਕ ਵਾਰ ਫੇਰ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਐਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਜਿੱਥੇ ਖੇਤਰੀ ਭਾਸ਼ਾਵਾਂ ਬਾਰੇ ਲਿਖਿਆ ਹੈ, ਉਸ ਵਿਚੋਂ ਪੰਜਾਬੀ ਬੋਲੀ ਗਾਇਬ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਅਸੀਂ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ 

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਤਹਿਤ ਦਸਵੀਂ ਅਤੇ ਬਾਰਵੀਂ ਦੇ ਬੋਰਡ ਦੇ ਇਮਤਿਹਾਨਾਂ ਦੀ ਡਰਾਫਟ ਕੀਤੀ ਗਈ ਨੀਤੀ ਵਿਚ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਪੰਜਾਬੀ ਮਾਂ ਬੋਲੀ ਨਾਲ ਬਹੁਤ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੁਨੀਆ ਭਰ ਵਿਚ ਬੋਲੀਆਂ ਜਾਂਦੀਆਂ ਮੁੱਖ ਭਾਸ਼ਾਵਾਂ ਵਿਚੋਂ ਇਕ ਅਹਿਮ ਭਾਸ਼ਾ ਹੈ ਪਰ ਕੇਂਦਰ ਸਰਕਾਰ ਵੱਲੋਂ ਪਹਿਲਾਂ ਜੰਮੂ ਅਤੇ ਕਸ਼ਮੀਰ ਵਿਚ ਅਤੇ ਹੁਣ CBSE ਦੇ ਦਸਵੀਂ ਅਤੇ ਬਾਰਵੀਂ ਦੇ ਸਿਲੇਬਸ ਵਿਚੋਂ ਇਸ ਨੂੰ ਬਾਹਰ ਕੱਢ ਕੇ ਬਹੁਤ ਵੱਡਾ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਫ਼ੈਸਲੇ ਦਾ ਡੱਟ ਕੇ ਵਿਰੋਧ ਕਰਦਾ ਹੈ ਅਤੇ ਕੇਂਦਰ ਸਰਕਾਰ ਅਤੇ  CBSE ਤੋਂ ਮੰਗ ਕਰਦਾ ਹੈ ਕਿ ਤੁਰੰਤ ਪੰਜਾਬੀ ਭਾਸ਼ਾ ਨੂੰ ਖੇਤਰੀ ਭਸ਼ਾਵਾਂ ਦੀ ਲਿਸਟ ਵਿਚ ਸ਼ਾਮਲ ਕੀਤਾ ਜਾਵੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News