ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

Thursday, Dec 05, 2024 - 06:32 PM (IST)

ਚੰਡੀਗੜ੍ਹ : ਸੂਬੇ ਵਿਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਇਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਊਂਸਪਲ ਕੌਂਸਲਰ (ਐੱਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐੱਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ। ਇਸ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐੱਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐੱਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐੱਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿਚ ਐੱਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐੱਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਇਸ ਤਹਿਤ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਜ਼ਰੀਏ ਜਾਣਕਾਰੀ ਪ੍ਰਾਪਤ ਹੋਵੇਗੀ ਅਤੇ ਉਹ ਵਟਸਐਪ ਰਾਹੀਂ ਆਪਣੀ ਸਿਫਾਰਸ਼ ਦੇ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਅਮਨ ਅਰੋੜਾ ਨੇ ਕਿਹਾ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐੱਮ.ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ 'ਤੇ ਸਾਰੇ ਭਾਈਵਾਲਾਂ ਨੂੰ ਵਿਆਪਕ ਸਿਖਲਾਈ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐੱਮ.ਸੀਜ਼ ਨੂੰ ਈ-ਸੇਵਾ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਅਤੇ ਲਾਗਇਨ ਆਈ.ਡੀ. ਪ੍ਰਾਪਤ ਕਰਨ ਲਈ ਆਪੋ-ਆਪਣੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੀ ਪ੍ਰਸ਼ਾਸਨਿਕ ਸੁਧਾਰ ਸ਼ਾਖਾ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਸ਼ਕਲ ਆਉਣ ‘ਤੇ ਉਹ ਸਹਾਇਤਾ ਲਈ ਡੀ.ਸੀ. ਦਫਤਰ, ਨਜ਼ਦੀਕੀ ਸੇਵਾ ਕੇਂਦਰ 'ਤੇ ਜਾ ਸਕਦੇ ਹਨ ਜਾਂ 1100 'ਤੇ ਕਾਲ ਕਰ ਸਕਦੇ ਹਨ। 

ਇਹ ਵੀ ਪੜ੍ਹੋ : ਸੁਖਬੀਰ 'ਤੇ ਹਮਲਾ ਕਰਨ ਵਾਲੇ ਨਾਰਾਇਣ ਚੌੜਾ ਨੂੰ ਲਿਆਂਦਾ ਗਿਆ ਅਦਾਲਤ, ਹੋ ਗਿਆ ਹੰਗਾਮਾ

ਇਸ ਮੌਕੇ ਸਰਪੰਚਾਂ, ਨੰਬਰਦਾਰਾਂ ਅਤੇ ਐੱਮ.ਸੀਜ਼ ਨੂੰ ਆਨਲਾਈਨ ਵੈਰੀਫਿਕੇਸ਼ਨ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਇਕ ਪੇਸ਼ਕਾਰੀ ਵੀ ਦਿੱਤੀ ਗਈ। ਪੇਸ਼ਕਾਰੀ ਵਿਚ ਆਨਲਾਈਨ ਵੈਰੀਫਿਕੇਸ਼ਨ ਲਈ ਪੜਾਅ-ਦਰ-ਪੜਾਅ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਡਿਜੀਟਲ ਪਹਿਲਕਦਮੀ ਦੇ ਲਾਭਾਂ ਬਾਰੇ ਦੱਸਿਆ ਗਿਆ। ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਪਹਿਲਾਂ ਨਾਗਰਿਕਾਂ ਨੂੰ ਆਪਣੀ ਪਛਾਣ ਅਤੇ ਦਸਤਾਵੇਜ਼ ਪਟਵਾਰੀਆਂ ਤੋਂ ਤਸਦੀਕ ਕਰਵਾਉਣੇ ਪੈਂਦੇ ਸਨ। ਉਸ ਉਪਰੰਤ, ਪਟਵਾਰੀ ਉਨ੍ਹਾਂ ਨੂੰ ਸਬੰਧਤ ਸਰਪੰਚ, ਨੰਬਰਦਾਰ ਜਾਂ ਐੱਮ.ਸੀ. ਤੋਂ ਦਸਤਖਤ ਕਰਵਾਉਣ ਲਈ ਕਹਿੰਦੇ ਸਨ। ਇਸ ਪ੍ਰਕਿਰਿਆ ਵਿਚ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਬਿਨੈਕਾਰ ਨੂੰ ਆਪਣੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰਵਾਉਣ ਲਈ ਵਾਰ-ਵਾਰ ਪਟਵਾਰੀ, ਐੱਮ.ਸੀ., ਸਰਪੰਚ ਜਾਂ ਨੰਬਰਦਾਰ ਕੋਲ ਜਾਣਾ ਪੈਂਦਾ ਸੀ। ਕੁਝ ਮਾਮਲਿਆਂ ਵਿਚ, ਏਜੰਟਾਂ ਵੱਲੋਂ ਨਾਗਰਿਕਾਂ ਦੇ ਦਸਤਾਵੇਜ਼ਾਂ 'ਤੇ ਦਸਤਖਤ ਕਰਵਾਉਣ ਬਦਲੇ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋ ਗਏ ਹੁਕਮ

ਅਰੋੜਾ ਨੇ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਆਪਣੇ ਦਸਤਾਵੇਜ਼ਾਂ 'ਤੇ ਦਸਤਖਤ ਕਰਵਾਉਣ ਲਈ ਕਿਸੇ ਵੀ ਦਫਤਰ ਜਾਣ ਦੀ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਪਟਵਾਰੀਆਂ ਨੂੰ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਪ੍ਰਕਿਰਿਆ ਵਿਚ ਵੀ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਤੱਕ ਸੂਬੇ ਭਰ ਵਿਚ ਪਿਛਲੇ ਛੇ ਮਹੀਨਿਆਂ ਵਿਚ ਪਟਵਾਰੀਆਂ ਵੱਲੋਂ 8.65 ਲੱਖ ਤੋਂ ਵੱਧ ਅਰਜ਼ੀਆਂ ਦੀ ਆਨਲਾਈਨ ਤਸਦੀਕ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਕਦਮ ਡਿਜੀਟਲ ਪੰਜਾਬ ਸਿਰਜਣ ਦੀ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਏਗਾ, ਜਿਸ ਨਾਲ ਲੋਕ ਆਪਣੇ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਨਾਗਰਿਕ ਹੁਣ ਸੇਵਾ ਕੇਂਦਰ 'ਚ ਜਾ ਕੇ ਜਾਂ ਸਿਰਫ਼ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਅਰਜ਼ੀ ਦੇ ਸਕਦੇ ਹਨ। ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਫ਼ੋਨਾਂ 'ਤੇ ਐੱਸ.ਐੱਮ.ਐੱਸ. ਜਾਂ ਵਟਸਐਪ ਜ਼ਰੀਏ ਭੇਜ ਦਿੱਤੇ ਜਾਣਗੇ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸਰਵਜੀਤ ਸਿੰਘ, ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸਰਪੰਚ, ਨੰਬਰਦਾਰ ਅਤੇ ਐੱਮ.ਸੀਜ਼ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਵਾਧਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News