ਸਿੰਘੂ ਬਾਰਡਰ ਪਹੁੰਚੇ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਸਾਨਾਂ ਨਾਲ ਮਨਾਈ 'ਲੋਹੜੀ'

Thursday, Jan 14, 2021 - 09:17 AM (IST)

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਬੱਬੂ ਮਾਨ ਲੋਹੜੀ ਦੇ ਦਿਨ ਕਿਸਾਨ ਅੰਦੋਲਨ 'ਚ ਆਪਣੀ ਹਾਜ਼ਰੀ ਲਾਉਣ ਪਹੁੰਚੇ। ਦਿੱਲੀ ਦੇ ਸਿੰਘੂ ਬੋਰਡਰ ਵਿਖੇ ਕਿਸਾਨਾਂ ਨੇ ਲੋਹੜੀ ਬਾਲ਼ੀ ਤੇ ਗਾਇਕ ਬੱਬੂ ਮਾਨ ਇਸ ਮੌਕੇ ਉਥੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ ਕਿਸਾਨੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਬੱਬੂ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਤੇ ਉਨ੍ਹਾਂ ਦੀ ਆਤਮਾ ਵੀ ਇੱਥੇ ਹੀ ਹੈ। ਇਸ ਦੌਰਾਨ ਬੱਬੂ ਮਾਨ ਨੇ ਕਿਹਾ, "ਪੰਜਾਬੀ ਆਪਣੇ ਹੱਕ ਲੈ ਕੇ ਹੀ ਮੁੜਨਗੇ।" ਉਨ੍ਹਾਂ ਕਿਹਾ ਜਦੋਂ ਹੱਕਾਂ ਦੀ ਗੱਲ ਆਉਂਦੀ ਹੈ ਉਦੋ ਪੰਜਾਬੀ ਕਿਸੇ ਲਈ ਵੀ ਖੜ੍ਹ ਜਾਂਦੇ ਹਨ।

ਲੋਹੜੀ ਮੌਕੇ ਸਿੰਘੂ ਬਾਰਡਰ ਪਹੁੰਚੇ ਪੰਜਾਬੀ ਗਾਇਕ ਬੱਬੂ ਮਾਨ
ਦੱਸ ਦੇਈਏ ਕਿ ਬਹੁਤ ਸਾਰੇ ਪੰਜਾਬ ਗਾਇਕ ਤੇ ਅਦਾਕਾਰ ਇਸ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰ ਚੁੱਕੇ ਹਨ।ਆਏ ਦਿਨ ਕੋਈ ਨਾ ਕੋਈ ਪੰਜਾਬ ਗਾਇਕ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੀ ਹਾਜ਼ਰੀ ਲਵਾਉਣ ਪਹੁੰਚਦੇ ਰਹਿੰਦੇ ਹਨ। ਰਣਜੀਤ ਬਾਵਾ, ਜੈਜ਼ੀ ਬੀ, ਦਿਲਜੀਤ ਦੌਸਾਂਝ, ਕਰਨ ਔਜਲਾ, ਸੋਨੀਆ ਮਾਨ, ਕੰਵਰ ਗਰੇਵਾਲ, ਹਰਫ਼ ਚੀਮਾ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਦਿੱਲੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। 

PunjabKesari

ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਹੈ ਤਕਰਾਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਬੀਜੇਪੀ ਨੇਤਾਵਾਂ ਵਲੋਂ ਕਿਸਾਨ ਅੰਦੋਲਨ ’ਤੇ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ’ਚ ਇਸ ਅੰਦੋਲਨ ਨੂੰ ਵਿਰੋਧੀ ਧਿਰਾਂ ਵਲੋਂ ਪ੍ਰਯੋਜਿਤ ਦੱਸਿਆ। ਜਦੋਂਕਿ ਕਈ ਵਾਰ ਖ਼ਾਲੀਸਤਾਨੀ ਸਮਰਥਕ ਸੰਗਠਨਾਂ ਨਾਲ ਹੋਣ ਦੀ ਗੱਲ ਆਖੀ।
ਸੁਪਰੀਮ ਕੋਰਟ ਨੇ ਵੀ ਖੇਤੀ ਕਾਨੂੰਨ ਨੂੰ ਲੈ ਕੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਇਕ ਹਲਫ਼ਨਾਮਾ ਦੇਣ ਨੂੰ ਕਿਹਾ ਹੈ, ਜਿਸ ’ਚ ਕਿਸਾਨ ਅੰਦੋਲਨ ’ਚ ਪਾਬੰਦੀਸ਼ੁਦਾ ਸੰਗਠਨਾਂ ’ਚ ਸ਼ਾਮਲ ਹੋਣ ਜਾਂ ਸਮਰਥਨ ਬਾਰੇ ਅਧਿਕਾਰਤ ਜਾਣਕਾਰੀ ਦੇਣ ਨੂੰ ਕਿਹਾ ਹੈ। 
ਕਿਸਾਨਾਂ ਦਾ ਅੰਦੋਲਨ ਪਿਛਲੇ 50 ਦਿਨਾਂ ਤੋਂ ਚੱਲ ਰਿਹਾ ਹੈ ਪਰ ਹੁਣ ਤੱਕ ਖੇਤੀ ਕਾਨੂੰਨ ’ਤੇ ਕੋਈ ਗੱਲ ਨਹੀਂ ਬਣ ਸਕੀ। ਬੁੱਧਵਾਰ ਨੂੰ ਕਿਸਾਨ ਸੰਗਠਨ ਲੋਹੜੀ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਨਗੇ ਅਤੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣਗੇ। 
ਸੁਪਰੀਮ ਕੋਰਟ ਨੇ ਖੇਤੀ ਕਾਨੂੰਨ ’ਤੇ ਜਾਰੀ ਵਿਵਾਦ ਨੂੰ ਖ਼ਤਮ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ’ਚ 4 ਮਾਹਰ ਸ਼ਾਮਲ ਹਨ। ਇਹ ਸਾਰੇ ਦੋ ਮਹੀਨਿਆਂ ’ਚ ਆਪਣੀ ਰਿਪੋਰਟ ਦੇਣਗੇ, ਜਿਸ ਤੋਂ ਬਾਅਦ ਅਦਾਲਤ ਅੱਗੇ ਆਪਣਾ ਫ਼ੈਸਲਾ ਸੁਣਾਏਗੀ।

PunjabKesari

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor

Related News