ਹੁਣ ਪਾਕਿਸਤਾਨ ਦੇ ਸਕੂਲਾਂ 'ਚ ਵੀ ਪੜ੍ਹਾਈ ਜਾਵੇਗੀ ਪੰਜਾਬੀ, SGPC ਪ੍ਰਧਾਨ ਧਾਮੀ ਨੇ ਕੀਤਾ ਫ਼ੈਸਲੇ ਦਾ ਸਵਾਗਤ

03/13/2024 7:23:51 PM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ ਅਤੇ ਆਪਣੇ ਪੁਰਖਿਆਂ ਦੀ ਵਿਰਾਸਤ ਤੋਂ ਵੀ ਖੁੰਝ ਜਾਂਦੀ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ: ਦੁਬਈ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਨੌਜਵਾਨ ਨੂੰ ਪਿੰਡ ਵਾਸੀਆਂ ਨੇ 50 ਲੱਖ ਦੇ ਕੇ ਛੁਡਵਾਇਆ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਦੇ ਸਕੂਲਾਂ 'ਚ ਪੰਜਾਬੀ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੜ੍ਹਾਈ ਜਾਣੀ ਚਾਹੀਦੀ ਹੈ ਅਤੇ ਉੱਥੋਂ ਦੀ ਸੂਬਾ ਸਰਕਾਰ ਨੂੰ ਆਪਣੇ ਵੱਲੋਂ ਕੀਤੇ ਗਏ ਐਲਾਨ ਨੂੰ ਤੁਰੰਤ ਅਮਲੀ ਰੂਪ ਦੇਣਾ ਚਾਹੀਦਾ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਅੰਦਰ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ, ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ, ਜਿਸ ਨਾਲ ਪੰਜਾਬੀ ਮੂਲ ਦੇ ਬੱਚਿਆਂ ਨੂੰ ਲੰਮਾ ਸਮਾਂ ਉਨ੍ਹਾਂ ਦੀ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿਣਾ ਪੈਂਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Harpreet SIngh

This news is Content Editor Harpreet SIngh