Canada ''ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ ਬਲਤੇਜ ਸਿੰਘ
Monday, Dec 29, 2025 - 08:18 PM (IST)
ਮਹਿਲ ਕਲਾਂ (ਹਮੀਦੀ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਅਚਾਨਕ ਮੌਤ ਹੋ ਜਾਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦਰਦਨਾਕ ਘਟਨਾ ਨਾਲ ਜਿੱਥੇ ਪਰਿਵਾਰ ਡੂੰਘੇ ਸਦਮੇ ਵਿੱਚ ਹੈ, ਉੱਥੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਤੇਜ ਸਿੰਘ (24) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਛੀਨੀਵਾਲ ਕਲਾਂ ਵਜੋਂ ਹੋਈ ਹੈ, ਜੋ ਰੋਜ਼ਗਾਰ ਦੀ ਭਾਲ ਵਿੱਚ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਰਹਿ ਰਿਹਾ ਸੀ।
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਮਾਤਾ ਪਰਮਿੰਦਰ ਕੌਰ ਵਾਸੀ ਛੀਨੀਵਾਲ ਕਲਾਂ ਨੇ ਦੱਸਿਆ ਕਿ ਬਲਤੇਜ ਸਿੰਘ ਸਾਡਾ ਇਕਲੌਤਾ ਪੁੱਤਰ ਸੀ । ਉਸ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਅੱਗੇ ਸਭ ਤੋਂ ਵੱਡੀ ਚੁਣੌਤੀ ਉਸ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਦੀ ਬਣੀ ਹੋਈ ਹੈ। ਪਰਿਵਾਰ ਮੁਤਾਬਕ ਲਾਸ਼ ਦੀ ਕਾਗਜ਼ੀ ਕਾਰਵਾਈ ਅਤੇ ਅੰਤਰਰਾਸ਼ਟਰੀ ਵਾਪਸੀ ’ਤੇ ਕਰੀਬ 25 ਤੋਂ 27 ਲੱਖ ਰੁਪਏ ਦਾ ਖਰਚ ਆਉਣ ਦੀ ਸੰਭਾਵਨਾ ਹੈ, ਜੋ ਉਨ੍ਹਾਂ ਦੀ ਆਰਥਿਕ ਸਮਰੱਥਾ ਤੋਂ ਕਾਫ਼ੀ ਵੱਧ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਨੇ ਰੋਹ ਭਰੇ ਮਨ ਨਾਲ ਦੱਸਿਆ ਕਿ ਬਲਤੇਜ ਸਿੰਘ ਨੇ ਬਾਰਵੀਂ ਕਲਾਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਈਲਟਸ ਕਰਕੇ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਭੇਜਿਆ ਸੀ।
ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਕਰੀਬ 7 ਲੱਖ ਰੁਪਏ ਕਰਜ਼ਾ ਚੁੱਕ ਕੇ ਉਸਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਸਵੇਰ ਬਲਤੇਜ ਸਿੰਘ ਦੇ ਸਾਥੀਆਂ ਵੱਲੋਂ ਫ਼ੋਨ ਰਾਹੀਂ ਜਾਣਕਾਰੀ ਮਿਲੀ ਕਿ ਜਦੋਂ ਉਹ ਸੁੱਤਾ ਹੋਇਆ ਸੀ ਅਤੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਹਰਕਤ ਨਾ ਹੋਈ। ਬਾਅਦ ਵਿੱਚ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।
ਸੋਗਗ੍ਰਸਤ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਜ਼ਿਲ੍ਹੇ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਪਾਸੋਂ ਅਪੀਲ ਕੀਤੀ ਹੈ ਕਿ ਬਲਤੇਜ ਸਿੰਘ ਦੀ ਲਾਸ਼ ਨੂੰ ਕੈਨੇਡਾ ਤੋਂ ਪਿੰਡ ਛੀਨੀਵਾਲ ਭਾਰਤ ਲਿਆਉਣ ਲਈ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨਾਂ ਦੀ ਮੌਤ ਤੇ ਪਰਿਵਾਰ ਨਾਲ ਡੂੰਘੇ ਦੁੱਖ ਇਜ਼ਹਾਰ ਕੀਤਾ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
