Canada ''ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ
Saturday, Apr 04, 2026 - 07:42 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੋਖਰ ਨਾਲ ਸੰਬੰਧਿਤ ਨੌਜਵਾਨ ਹਰਸਿਮਰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਕੈਨੇਡਾ ਵਿੱਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੰਦਭਾਗੀ ਖ਼ਬਰ ਦਾ ਪਤਾ ਲੱਗਦਿਆਂ ਹੀ ਜਿੱਥੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਸਿਮਰਤ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਅਤੇ ਆਪਣੇ ਪਰਿਵਾਰ ਦੇ ਸੁਪਨੇ ਸਾਕਾਰ ਕਰਨ ਲਈ ਕੈਨੇਡਾ ਗਿਆ ਸੀ। ਉਹ ਉੱਥੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਜੁਟਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਖੋਖਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹੁੰਚੀ, ਉੱਥੇ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਹਰਸਿਮਰਤ ਸਿੰਘ ਇੱਕ ਮਿਹਨਤੀ ਅਤੇ ਨਿੱਘੇ ਸੁਭਾਅ ਦਾ ਮਾਲਕ ਸੀ, ਜਿਸ ਨੇ ਆਪਣੇ ਪਰਿਵਾਰ ਲਈ ਵੱਡੇ ਸੁਪਨੇ ਦੇਖੇ ਸਨ। ਉਸ ਦੀ ਅਚਾਨਕ ਮੌਤ ਨਾਲ ਪੂਰੇ ਪਿੰਡ ਵਿੱਚ ਗ਼ਮ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵੱਲੋਂ ਪੀੜਤ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।
ਇਸ ਦੁਖਦਾਈ ਘਟਨਾ ਨਾਲ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਨੌਜਵਾਨਾਂ ਦੀ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ ਸਾਹਮਣੇ ਆਈਆਂ ਹਨ, ਜਿੱਥੇ ਉਹ ਆਪਣੇ ਪਰਿਵਾਰਾਂ ਦੀ ਖ਼ੁਸ਼ਹਾਲੀ ਲਈ ਦਿਨ-ਰਾਤ ਮਿਹਨਤ ਕਰਦੇ ਹਨ ਪਰ ਅਜਿਹੇ ਹਾਦਸੇ ਘਰਾਂ ਨੂੰ ਸਦੀਵੀ ਸੁੰਨਾ ਕਰ ਜਾਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
