ਪੰਜਾਬ ਵਾਸੀ 30 ਦੇ ਬੰਦ ਦੀ ਡੱਟ ਕੇ ਹਮਾਇਤ ਕਰਨ
Sunday, Dec 29, 2024 - 03:46 PM (IST)
ਜੈਤੋ (ਜਿੰਦਲ) : ਸ਼ੰਭੂ ਤੇ ਖਨੌਰੀ ਬਾਰਡਰ ’ਤੇ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਮੂਹ ਪੰਜਾਬ ਵਾਸੀ ਸਾਥ ਦੇਣ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਗੈਰ-ਸਿਆਸੀ ਮੋਰਚਾ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿਛਲੇ 10 ਮਹੀਨਿਆਂ ਤੋਂ ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਨਹੀਂ ਜਾਣ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਜੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ ਇਕ ਮਹੀਨੇ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਦਸੰਬਰ ਨੂੰ ਪੰਜਾਬ ਬੰਦ ਦੀ ਡੱਟ ਕੇ ਹਮਾਇਤ ਕਰਨ।