ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ ''ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ ਨਾਲ ਮਾਪਿਆਂ ''ਚ ਦਹਿਸ਼ਤ
Thursday, Sep 10, 2026 - 12:23 PM (IST)
ਪੱਟੀ (ਸ.ਹ)- ਪੱਟੀ ਸ਼ਹਿਰ ਦੇ ਖੇਮਕਰਨ ਰੋਡ ’ਤੇ ਸਥਿਤ ਇਲਾਕੇ ਦੇ ਨਿੱਜੀ ਸਕੂਲ ਦੇ ਬਾਹਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਘਟਨਾ ਤੋਂ ਇਕ ਦਿਨ ਪਹਿਲਾਂ ਵੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਕੂਲ ਦੇ ਬਾਹਰ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੇ ਗਈ ਸੀ। ਲਗਾਤਾਰ ਦੋ ਦਿਨ ਸਕੂਲ ਦੇ ਬਾਹਰ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਸਕੂਲ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਉਕਤ ਨਿੱਜੀ ਸਕੂਲ ਦੇ ਬਾਹਰ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਰਾਤ ਸਮੇਂ ਚੱਲੀਆਂ ਗੋਲੀਆਂ ਕਾਰਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਸਕੂਲ ਦੇ ਬਾਹਰ ਇਸ ਤਰ੍ਹਾਂ ਗੋਲੀਬਾਰੀ ਹੋਣਾ ਆਪਣੇ ਆਪ ਵਿਚ ਗੰਭੀਰ ਮਾਮਲਾ ਹੈ। ਇਸ ਤੋਂ ਪਹਿਲਾਂ ਵੀ ਗੋਲੀ ਚਲਾਉਣ ਦੀ ਕੋਸ਼ਿਸ਼ ਹੋਣ ਦੀ ਗੱਲ ਸਾਹਮਣੇ ਆਉਣ ਕਾਰਨ ਮਾਪਿਆਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
ਦੱਸਿਆ ਜਾਂਦਾ ਹੈ ਕਿ ਇਹ ਸਕੂਲ ਸ਼ਹਿਰ ਦੇ ਵਿਚਕਾਰ ਅਤੇ ਖੇਮਕਰਨ ਰੋਡ ’ਤੇ ਸਥਿਤ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਬੱਚੇ ਅਤੇ ਉਨ੍ਹਾਂ ਦੇ ਮਾਪੇ ਆਉਂਦੇ-ਜਾਂਦੇ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸ਼ਹਿਰ ਦੇ ਵਿਚਕਾਰ ਸਥਿਤ ਇਕ ਪ੍ਰਮੁੱਖ ਸਕੂਲ ਦੇ ਬਾਹਰ ਅਜਿਹੇ ਹਾਲਾਤ ਪੈਦਾ ਹੋ ਸਕਦੇ ਹਨ ਤਾਂ ਪਿੰਡਾਂ ਅਤੇ ਹੋਰ ਇਲਾਕਿਆਂ ਵਿਚ ਆਮ ਲੋਕਾਂ ਦੀ ਸੁਰੱਖਿਆ ਦੇ ਕੀ ਹਾਲਾਤ ਹੋਣਗੇ। ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਸ਼ੁਰੂ ਕੀਤੀ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਸਕੂਲ ਮੈਨੇਜਮੈਂਟ ਨੇ ਕਿਹਾ ਕਿ ਉਹ ਇਸ ਇਲਾਕੇ ਵਿਚ ਇਸ ਸਕੂਲ ਤੋਂ ਇਲਾਵਾ ਦੋ ਹੋਰ ਸਕੂਲ ਵੀ ਚਲਾ ਰਹੇ ਹਨ। ਮੈਨੇਜਮੈਂਟ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਵਰਗੇ ਵਿੱਦਿਅਕ ਅਦਾਰਿਆਂ ਦੀ ਸੁਰੱਖਿਆ ਸਬੰਧੀ ਸ਼ਿਕਾਇਤ ਵੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਤਾਂ ਆਮ ਬੰਦੇ ਦੀ ਸੁਣਵਾਈ ਕਿਸ ਤਰ੍ਹਾਂ ਹੋਵੇਗੀ। ਮੈਨੇਜਮੈਂਟ ਨੇ ਕਿਹਾ ਕਿ ਮਾਮਲਾ ਪੁਲਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਸਕੂਲ ਦੀ ਸੁਰੱਖਿਆ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਕੂਲ ਵਿਚ ਛੋਟੀ ਉਮਰ ਦੇ ਬੱਚੇ ਸਿੱਖਿਆ ਹਾਸਲ ਕਰਦੇ ਹਨ ਅਤੇ ਅਜਿਹੀ ਘਟਨਾ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜ਼ੀਹ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਸਕੂਲ ਮੈਨੇਜਮੈਂਟ ਨੇ ਸਪੱਸ਼ਟ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਲੋੜੀਂਦੀ ਸੁਰੱਖਿਆ ਮੁਹੱਈਆ ਨਾ ਕਰਵਾਈ ਗਈ ਤਾਂ ਉਨ੍ਹਾਂ ਨੂੰ ਮਜਬੂਰਨ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਉਣਾ ਪਵੇਗਾ। ਮੈਨੇਜਮੈਂਟ ਨੇ ਪੁਲਸ ਤੋਂ ਸਕੂਲ ਦੇ ਆਲੇ-ਦੁਆਲੇ ਗਸ਼ਤ ਵਧਾਉਣ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਮਾਪਿਆਂ ਅਤੇ ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕੀਤੀ ਜਾਵੇ ਤਾਂ ਜੋ ਗੋਲੀਬਾਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਘਟਨਾ ਨਾਲ ਸਬੰਧਤ ਹਰ ਪੱਖ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਲੱਗਣ ਅਤੇ ਛੁੱਟੀ ਸਮੇਂ ਸੜਕ ’ਤੇ ਬੱਚਿਆਂ ਦੀ ਆਵਾਜਾਈ ਵੱਡੀ ਗਿਣਤੀ ਵਿਚ ਹੁੰਦੀ ਹੈ। ਇਸ ਲਈ ਉਸ ਸਮੇਂ ਵਿਸ਼ੇਸ਼ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਰਾਤ ਸਮੇਂ ਵੀ ਪੁਲਸ ਗਸ਼ਤ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਗੋਲੀਬਾਰੀ ਦੀਆਂ ਘਟਨਾਵਾਂ ਦੇ ਬਾਵਜੂਦ ਪੁਲਸ ਵੱਲੋਂ ਅਜੇ ਤੱਕ ਮਾਮਲਾ ਦਰਜ ਨਾ ਕੀਤੇ ਜਾਣ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਗੋਲੀਬਾਰੀ ਵਰਗੀ ਗੰਭੀਰ ਘਟਨਾ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਅਜਿਹੇ ਅਨਸਰਾਂ ਦੇ ਹੌਂਸਲੇ ਵਧ ਸਕਦੇ ਹਨ।
ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਕੂਲ ਅਤੇ ਆਸ-ਪਾਸ ਦੇ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ, ਸੀ.ਸੀ.ਟੀ.ਵੀ ਫੁਟੇਜ਼ ਦੀ ਜਾਂਚ ਕੀਤੀ ਜਾਵੇ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
