‘ਆਪ’ ਨੇ ਚੰਨੀ ਸਰਕਾਰ ਵਲੋਂ ਵਧਾ-ਚੜ੍ਹਾ ਕੇ ਪ੍ਰਚਾਰੇ ਜਾ ਰਹੇ ਅੰਕੜਿਆਂ ’ਤੇ ਉਠਾਏ ਸਵਾਲ
Thursday, Nov 11, 2021 - 02:53 PM (IST)
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਨੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸੂਬੇ ਦੇ ਕੁੱਲ ਬੇਰੁਜ਼ਗਾਰਾਂ ਦੀ ਗਿਣਤੀ, ਬੇਰੁਜ਼ਗਾਰੀ ਭੱਤਾ ਹਾਸਲ ਕਰ ਰਹੇ ਬੇਰੁਜ਼ਗਾਰਾਂ ਦੇ ਜ਼ਿਲਾ ਪੱਧਰੀ ਅੰਕੜੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਦੀ ਸੰਖਿਆ ’ਤੇ ‘ਵ੍ਹਾਈਟ ਪੇਪਰ’ ਜਾਰੀ ਕੀਤਾ ਜਾਵੇ। ‘ਆਪ’ ਨੇਤਾਵਾਂ ਨੇ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਪਤਾ ਹੋਵੇ ਕਿ ਕਾਂਗਰਸ ਆਪਣੇ ਘਰ-ਘਰ ਨੌਕਰੀ ਵਾਲੇ ਵਾਅਦੇ ’ਤੇ ਕਿੰਨਾ ਖਰਾ ਉੱਤਰੀ ਹੈ? ਸੰਯੁਕਤ ਬਿਆਨ ’ਚ ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕਿਹਾ ਕਿ ਪੌਣੇ ਪੰਜ ਸਾਲਾਂ ਤੋਂ ਰੈਗੂਲਰ ਨੌਕਰੀਆਂ ਲਈ ਜੱਦੋਜਹਿਦ ਕਰ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ, ਗੈਸਟ ਫੈਕਲਟੀ ਅਧਿਆਪਕਾਂ, ਠੇਕਾ ਭਰਤੀ ਅਤੇ ਆਊਟ ਸੋਰਸਿੰਗ ਕੱਚੇ ਮੁਲਾਜ਼ਮਾਂ ਨੂੰ ਕੁੱਟਦੀ ਆ ਰਹੀ ਕਾਂਗਰਸ ਸਰਕਾਰ ਹੁਣ ਆਪਣੇ ਅੰਤਿਮ ਸਮੇਂ ’ਤੇ ਲੋਕਾਂ ਨੂੰ ਇਕ ਵਾਰ ਗੁੰਮਰਾਹ ਕਰਨ ਦੀਆਂ ਚਾਲਾਂ ਖੇਡਣ ਲੱਗੀ ਹੈ। ਅਮਨ ਅਰੋੜਾ ਨੇ ਕਿਹਾ ਕਿ ਚੰਨੀ ਸਰਕਾਰ ਸਿਰਫ਼ ਗੁੰਮਰਾਹ ਹੀ ਨਹੀਂ ਕਰ ਰਹੀ, ਸਗੋਂ ਇਸ ਗੁੰਮਰਾਹਕੁੰਨ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦੀ ਵੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੀ ਬਹੁਤ ਦੇਰ ਨਾਲ ਹੀ ਸਹੀ ਪਰ ਸਰਕਾਰ ਵਲੋਂ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸਵਾਗਤਯੋਗ ਹੈ। ਪ੍ਰੰਤੂ ਚੰਨੀ ਸਰਕਾਰ ਨੂੰ ਵਿਭਾਗਾਂ ਅਨੁਸਾਰ ਵੇਰਵਾ ਦੇਣਾ ਪਵੇਗਾ, ਕਿਉਂਕ ਚੰਨੀ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਅੰਕੜਿਆਂ ਅਤੇ ਐਲਾਨੇ ਜਾ ਰਹੇ ਫ਼ੈਸਲਿਆਂ ’ਤੇ ਅਮਲ ਹੋ ਸਕਣਾ ਸਵਾਲਾਂ ਦੇ ਘੇਰੇ ’ਚ ਹੈ।
ਇਹ ਵੀ ਪੜ੍ਹੋ : ਸੰਚਾਰ ਕ੍ਰਾਂਤੀ ਰਾਹੀਂ ਅਰਬਾਂ ਲੋਕਾਂ ਦੀ ਜ਼ਿੰਦਗੀ ਬਦਲੀ, ਪੰਜਾਬ ਦੇ ਪ੍ਰੋ. ਨਰਿੰਦਰ ਸਿੰਘ ਕਪਾਨੀ ਨੇ
ਮੀਤ ਹੇਅਰ ਨੇ ਕਿਹਾ ਕਿ ਚੰਨੀ ਸਰਕਾਰ ਇਹ ਸਪੱਸ਼ਟ ਕਰੇ ਕਿ ਪੱਕੇ ਕੀਤੇ ਜਾ ਰਹੇ 36 ਹਜ਼ਾਰ ਕੱਚੇ ਮੁਲਾਜ਼ਮਾਂ ’ਚ ਸਾਰੇ ਵਿਭਾਗਾਂ ’ਚ ਕੰਮ ਕਰਦੇ ਆਊਟਸੋਰਸਿੰਗ ਕਰਮਚਾਰੀ ਹਨ ਜਾਂ ਨਹੀਂ? ਸਰਕਾਰ ਇਹ ਵੀ ਦੱਸੇ ਕਿ ਸੜਕਾਂ, ਚੌਕਾਂ- ਚੁਰਾਹਿਆਂ ਅਤੇ ਟੈਂਕੀਆਂ ’ਤੇ ਚੜੇ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਲਈ ਰੈਗੂਲਰ ਨੌਕਰੀਆਂ ਦਾ ਫ਼ੈਸਲਾ ਕਿਉਂ ਨਹੀਂ ਲੈਂਦੀ? ਸਰਕਾਰ ਇਹ ਵੀ ਦੱਸੇ ਕਿ ਕਾਂਗਰਸ ਆਪਣੇ ਵਾਅਦੇ ਮੁਤਾਬਕ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦੇ ਸਕੀ? ‘ਆਪ’ ਨੇਤਾਵਾਂ ਨੇ ਕਿਹਾ ਕਿ ਬੇਰੁਜ਼ਗਾਰਾਂ, ਗੈਸਟ ਫੈਕਲਟੀ ਅਧਿਆਪਕਾਂ ਤੇ ਆਊਟਸੋਰਸਿੰਗ ਕਰਮਚਾਰੀਆਂ ਦੇ ਮੁੱਦੇ ’ਤੇ ਵੀ 11 ਨਵੰਬਰ ਨੂੰ ਸਦਨ ’ਚ ਚੰਨੀ ਸਰਕਾਰ ਦੀ ਘੇਰਾਬੰਦੀ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ