ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਕੁੱਝ ਵੀ ਸਾਹਮਣੇ ਨਾ ਆਉਣ ’ਤੇ ਪੰਜਾਬ ਕਾਂਗਰਸ ਪ੍ਰਧਾਨ ਨੇ ਚੁੱਕੇ ਸਵਾਲ
Wednesday, Jun 15, 2022 - 03:10 PM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਜਾਂਚ ਲਟਕਾਏ ਜਾਣ ਅਤੇ ਦਿਸ਼ਾ ਭਟਕਾਏ ਜਾਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ। ਇਕ ਬਿਆਨ ’ਚ ਉਨ੍ਹਾਂ ਕਿਹਾ ਕਿ ਜਾਂਚ ਮੱਠੀ ਰਫ਼ਤਾਰ ਨਾਲ ਵੀ ਨਹੀਂ ਚੱਲ ਰਹੀ ਅਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਸ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਹ ਦੂਜੇ ਸੂਬਿਆਂ ਦੀ ਪੁਲਸ ’ਤੇ ਨਿਰਭਰ ਹੈ। ਉਨ੍ਹਾਂ ਕਿਸੇ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਵੱਖ-ਵੱਖ ਸੂਬਿਆਂ ਵਿਚ ਫੈਲਣ ਦੇ ਮੱਦੇਨਜ਼ਰ ਇਹ ਉਚਿਤ ਹੋਵੇਗਾ ਕਿ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪੀ ਜਾਵੇ। ਵੜਿੰਗ ਨੇ ਕਿਹਾ ਕਿ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੂੰ 16 ਦਿਨ ਬੀਤ ਚੁੱਕੇ ਹਨ ਅਤੇ ਹੁਣ ਤੱਕ ਦੀ ਜਾਂਚ ਵਿਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਗੀਤ ਗਾਉਣ 'ਤੇ ਕਸੂਤੇ ਘਿਰੇ ਮਾਸਟਰ ਸਲੀਮ, ਮੰਗਣੀ ਪਈ ਮੁਆਫ਼ੀ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਪੁਲਸ ਨੇ ਹਾਲੇ ਤੱਕ ਜਾਂਚ ਦੀ ਪ੍ਰਗਤੀ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਜਾਂਚ ਵਿਚ ਦੇਰੀ ਹੋਵੇਗੀ, ਅਸਲ ਦੋਸ਼ੀਆਂ ਨੂੰ ਬਚਣ ਦਾ ਓਨਾ ਹੀ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕਤਲ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਹਰ ਪਾਸੇ ਡਰ ਦਾ ਮਾਹੌਲ ਹੈ। ਜੇਕਰ ਪੰਜਾਬ ਪੁਲਸ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਨਹੀਂ ਲਿਆ ਸਕੀ, ਤਾਂ ਇਸ ਨਾਲ ਨਾ ਸਿਰਫ਼ ਗਲਤ ਸੰਦੇਸ਼ ਜਾਵੇਗਾ, ਸਗੋਂ ਇਸ ਨਾਲ ਅਪਰਾਧੀਆਂ ਦਾ ਮਨੋਬਲ ਵੀ ਵਧੇਗਾ।
ਇਹ ਵੀ ਪੜ੍ਹੋ : ਹੁਣ ਘਰ ਬੈਠੇ ਮਿਲੇਗਾ ਡਰਾਈਵਿੰਗ ਲਾਈਸੈਂਸ, CM ਮਾਨ ਵੱਲੋਂ ਪੋਰਟਲ ਦੀ ਸ਼ੁਰੂਆਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।