ਅੱਜ ਹੋਵੇਗੀ ਦੀਪ ਸਿੱਧੂ ਦੀ ਅਰਜ਼ੀ ''ਤੇ ਸੁਣਵਾਈ, ਕੀ ਮਿਲੇਗੀ ਜ਼ਮਾਨਤ?

Wednesday, Mar 31, 2021 - 12:42 PM (IST)

ਅੱਜ ਹੋਵੇਗੀ ਦੀਪ ਸਿੱਧੂ ਦੀ ਅਰਜ਼ੀ ''ਤੇ ਸੁਣਵਾਈ, ਕੀ ਮਿਲੇਗੀ ਜ਼ਮਾਨਤ?

ਨਵੀਂ ਦਿੱਲੀ (ਬਿਊਰੋ) : 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਮਸ਼ਹੂਰ ਅਦਾਕਾਰ ਦੀਪ ਸਿੱਧੂ ਨੇ ਦਿੱਲੀ ਦੀ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਹੈ। ਇਸ ਮਾਮਲੇ 'ਚ ਅੱਜ ਸੁਣਵਾਈ ਹੋਵੇਗੀ। ਪੰਜਾਬੀ ਅਦਾਕਾਰ ਦੀਪ ਸਿੱਧੂ 'ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ।

ਦੱਸ ਦੇਈਏ ਕਿ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ 'ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।

ਦੱਸਣਯੋਗ ਹੈ ਕਿ ਗਣਤੰਤਰ ਦਿਵਸ ਵਾਲੇ ਦਿਨ ਕੌਮੀ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ 'ਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ 'ਚ ਪਹੁੰਚ ਗਏ ਸਨ ਅਤੇ ਉੱਥੇ ਖਾਲਸਾਈ ਝੰਡਾ ਲਹਿਰਾ ਦਿੱਤਾ ਸੀ। ਦੱਸਿਆ ਗਿਆ ਸੀ ਕਿ ਇਸ ਹਿੰਸਾ 'ਚ ਲਗਪਗ 500 ਪੁਲਸ ਮੁਲਾਜ਼ਮ ਜ਼ਖਮੀ ਹੋਏ ਸਨ ਅਤੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋਈ ਸੀ।

ਨੋਟ - ਦੀਪ ਸਿੱਧੂ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।


author

sunita

Content Editor

Related News