ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਆਰ.ਪੀ. ਸਿੰਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
Saturday, Feb 21, 2026 - 11:15 PM (IST)
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਲਗਾਤਾਰ ਕਮਜ਼ੋਰ ਹੋ ਰਹੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਰਈਆ ਪੁਲਸ ਚੌਕੀ ਦੇ ਪਿੱਛੋਂ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਇਸ ਗੰਭੀਰ ਸਥਿਤੀ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਅਨੁਸਾਰ ਇਹ ਕੋਈ ਆਮ ਘਟਨਾ ਨਹੀਂ, ਸਗੋਂ ਵਿਗੜ ਰਹੀ ਵਿਵਸਥਾ ਦਾ ਸੰਕੇਤ ਹੈ।
ਆਰ. ਪੀ. ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਾਸਨ ਵਿਵਸਥਾ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਯਾਦ ਕਰਵਾਇਆ ਕਿ ਪਿਛਲੇ ਸਮੇਂ ਵਿੱਚ ਕਈ ਪੁਲਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ ਅਤੇ ਪੁਲਿਸ ਹੈੱਡਕੁਆਰਟਰ ਤੱਕ ਰੌਕਟ ਹਮਲੇ ਦੀ ਚਪੇਟ ਵਿੱਚ ਆ ਚੁੱਕਾ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਕੋਈ ਸਖ਼ਤ ਸੰਦੇਸ਼ ਦਿੱਤਾ ਗਿਆ ਅਤੇ ਨਾ ਹੀ ਕੋਈ ਫੈਸਲਾਕੁੰਨ ਕਦਮ ਚੁੱਕੇ ਗਏ, ਜਿਸ ਕਾਰਨ ਅਸਮਾਜਿਕ ਤੱਤਾਂ ਦੇ ਹੌਸਲੇ ਵਧੇ ਹਨ।
ਭਾਜਪਾ ਬੁਲਾਰੇ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਅਪਰਾਧੀਆਂ ਲਈ ਸੁਰੱਖਿਅਤ ਅੱਡੇ ਬਣਦੀਆਂ ਜਾ ਰਹੀਆਂ ਹਨ, ਜਿੱਥੋਂ ਕੁਖ਼ਿਆਤ ਅਪਰਾਧੀ ਆਪਣੇ ਗਿਰੋਹ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਅੰਦਰੋਂ ਧਮਕੀਆਂ ਦੇਣ, ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਅਤੇ ਇੰਟਰਵਿਊ ਦੇਣ ਦੀਆਂ ਘਟਨਾਵਾਂ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਨੂੰ ਦਰਸਾਉਂਦੀਆਂ ਹਨ। ਅੱਜ ਵਪਾਰੀ ਵਰਗ ਫਿਰੌਤੀਆਂ ਅਤੇ ਧਮਕੀਆਂ ਤੋਂ ਪਰੇਸ਼ਾਨ ਹੈ ਅਤੇ ਆਮ ਨਾਗਰਿਕ ਡਰ ਦੇ ਸਾਏ ਵਿੱਚ ਜੀ ਰਿਹਾ ਹੈ।
ਆਰ. ਪੀ. ਸਿੰਘ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਦਾ ਧਿਆਨ ਪੰਜਾਬ ਦੀਆਂ ਸਮੱਸਿਆਵਾਂ ਨਾਲੋਂ ਦਿੱਲੀ ਦੇ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੇ ਮਾਮਲਿਆਂ ਵਿੱਚ ਵਧੇਰੇ ਰੁੱਝਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਸੁਰੱਖਿਆ ਘਟਨਾਵਾਂ ਦੀ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਕੀਤੀ ਜਾਵੇ ਅਤੇ ਲਾਪਰਵਾਹ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਸਵਾਲ ਉਠਾਇਆ ਕਿ ਜੋ ਸਰਕਾਰ ਆਪਣੇ ਪੁਲਸ ਥਾਣਿਆਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦੀ, ਉਹ ਆਮ ਨਾਗਰਿਕਾਂ ਦੀ ਸੁਰੱਖਿਆ ਦਾ ਦਾਅਵਾ ਕਰਨ ਦਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਅਨੁਸਾਰ ਪੰਜਾਬ ਨੂੰ ਦਿਖਾਵੇ ਦੀ ਨਹੀਂ, ਸਗੋਂ ਇੱਕ ਜ਼ਿੰਮੇਵਾਰ ਅਤੇ ਜਵਾਬਦੇਹ ਸ਼ਾਸਨ ਦੀ ਲੋੜ ਹੈ।
