ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨਾਲ ਮੁਲਾਕਾਤ ਕਰਨਗੇ ''ਰੰਧਾਵਾ ਤੇ ਚੰਨੀ''
Monday, Oct 14, 2019 - 11:29 AM (IST)

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਪੱਤਰ ਉਨ੍ਹਾਂ ਨੂੰ ਸੌਂਪਣਗੇ, ਜਿਸ ਰਾਹੀਂ ਉਨ੍ਹਾਂ ਨੂੰ ਦੱਸ ਦਿੱਤਾ ਜਾਵੇਗਾ ਕਿ ਉਨ੍ਹਾ ਵਲੋਂ 550ਵੇਂ ਗੁਰਪੁਰਬ ਨੂੰ ਸਾਂਝੇ ਤੌਰ 'ਤੇ ਮਨਾਉਣ ਦੇ ਹੁਕਮਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਦਲ ਪਰਿਵਾਰ ਦੇ ਦਬਾਅ ਹੇਠ ਰੱਦ ਕਰ ਦਿੱਤਾ ਹੈ ਅਤੇ ਸਮਾਗਮ ਵੱਖਰੇ ਤੌਰ 'ਤੇ ਕਰਨ ਦਾ ਮਨ ਬਣਾ ਲਿਆ ਹੈ।
ਸੂਤਰਾਂ ਮੁਤਾਬਕ ਇਸ ਪੱਤਰ 'ਚ ਜ਼ਿਕਰ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੈਪਟਨ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਸਾਂਝੇ ਸਮਾਗਮ ਕਰਨ ਬਾਰੇ ਮੀਟਿੰਗਾਂ ਕਰਦੇ ਰਹੇ ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਆਗੂਆਂ ਤੇ ਸ਼ਖਸੀਅਤਾਂ ਨੂੰ ਸੱਦਾ ਪੱਤਰ ਦੇ ਦਿੱਤੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਮਾਗਮ ਸਾਂਮਝੇ ਕਰਨ ਦੀ ਥਾਂ ਵੱਖਰੇ ਤੌਰ 'ਤੇ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਪੰਡਾਲ ਲਾਉਣ ਲਈ ਦਿੱਲੀ ਦੀ ਇਕ ਫਰਮ ਨੂੰ ਟੈਂਡਰ ਵੀ ਦੇ ਦਿੱਤਾ ਹੈ। ਅਜਿਹਾ ਕਰਨ ਪਿੱਛੇ ਬਾਦਲ ਪਰਿਵਾਰ ਦਾ ਦਬਾਅ ਸੀ ਕਿਉਂਕਿ ਸਾਂਝੇ ਸਮਾਗਮ ਦੀ ਸਟੇਜ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਬੈਠ ਨਹੀਂ ਸਕਦੇ ਸਨ।