ਕੇਂਦਰ ਦੀ ਭਾਜਪਾ ਸਰਕਾਰ ਨੇ ਹੁਣ ‘ਭਗਤੀ ਟੈਕਸ’ ਲਾ ਦਿੱਤਾ: ਰਾਘਵ ਚੱਢਾ
Thursday, Aug 04, 2022 - 11:50 AM (IST)
ਜਲੰਧਰ (ਧਵਨ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀਆਂ ਸਰਾਵਾਂ ’ਤੇ 12 ਫ਼ੀਸਦੀ ਜੀ. ਐੱਸ. ਟੀ. ਲਾਗੂ ਕਰਨ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਭਾਜਪਾ ਸਰਕਾਰ ਨੇ ਤਾਂ ਔਰੰਗਜ਼ੇਬ ਦੇ ਜਜ਼ੀਆ ਟੈਕਸ ਦੀਆਂ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ। ਭਾਜਪਾ ਸਰਕਾਰ ਨੇ ਟੈਕਸ ਲਾਉਣ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਨਹੀਂ ਬਖਸ਼ਿਆ। ਪਰਮਾਤਮਾ ਕੇਂਦਰ ਸਰਕਾਰ ਨੂੰ ਸਿਆਣਪ ਬਖਸ਼ੇ ਤਾਂ ਜੋ ਇਹ ਸ਼ਰਧਾਲੂਆਂ ਨੂੰ ਟੈਕਸ ਦੇ ਘੇਰੇ ਵਿੱਚ ਨਾ ਲਿਆਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਸਰਕਾਰ ਨੇ ਆਟਾ, ਦਾਲਾਂ ਅਤੇ ਖਾਣ-ਪੀਣ ਦੀਆਂ ਵਸਤਾਂ ’ਤੇ ਜੀ. ਐੱਸ. ਟੀ. ਲਾਇਆ। ਹੁਣ ਉਸ ਨੇ ਗੁਰੂ ਦੀ ਸੰਗਤ ਨੂੰ ਵੀ ਜੀ. ਐੱਸ. ਟੀ. ਦੇ ਚੱਕਰ ਵਿੱਚ ਪਾ ਦਿੱਤਾ ਹੈ। ਬਾਹਰੋਂ ਆਉਣ ਵਾਲੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਵਿੱਚ ਠਹਿਰਦੇ ਹਨ । ਸਰਕਾਰ ਵੱਲੋਂ ਇਨ੍ਹਾਂ ਸਰਾਵਾਂ ’ਤੇ ਵੀ ਟੈਕਸ ਲਾ ਦਿੱਤਾ ਗਿਆ ਹੈ। ਇਸ ਨੂੰ ਉਹ ਭਗਤੀ ਟੈਕਸ ਕਹਿਣਗੇ ਕਿਉਂਕਿ ਸ਼ਰਧਾਲੂ ਇਥੇ ਸਿਰਫ਼ ਅਰਦਾਸ ਅਤੇ ਭਗਤੀ ਕਰਨ ਆਉਂਦੇ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, MSP ’ਤੇ ਮੂੰਗੀ ਦੀ ਖ਼ਰੀਦ ਦੀ ਮਿਤੀ ਵਧਾਈ
ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗੁਰੂ ਘਰਾਂ ਨੂੰ ਟੈਕਸ ਦੇ ਘੇਰੇ ਵਿੱਚ ਨਹੀਂ ਲਿਆਉਣਾ ਚਾਹੀਦਾ। ਕਿਸੇ ਨੂੰ ਵੀ ਗੁਰੂ ਘਰ ਦੇ ਦਰਸ਼ਨਾਂ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰਾਜ ਸਭਾ ਦੇ ਮੈਂਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਦਾ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਕਰਦੀ ਰਹੇਗੀ। ਸਰਕਾਰ ਨੂੰ ਤਾਨਾਸ਼ਾਹੀ ਢੰਗ ਨਾਲ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਮਾਮਲਾ ਬੀਤੇ ਦਿਨ ਰਾਜ ਸਭਾ ਵਿੱਚ ਉਠਾਇਆ ਸੀ। ਇਸ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਵੀ ਲਿਆਂਦਾ ਸੀ। ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਸੰਗਤ ਨੂੰ ਰਾਹਤ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਨੋਖਾ ਪਿਆਰ! ਵਿਆਹ ਕਰਵਾਉਣ ਲਈ ਜਲੰਧਰ ਦਾ ਸ਼ੁਭਮ ਬਣਿਆ 'ਜੀਆ', ਹੁਣ ਪਈ ਰਿਸ਼ਤੇ 'ਚ ਤਰੇੜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ