'ਚੇਅਰਮੈਨ' ਬਣਾਏ ਜਾਣ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਰਾਘਵ ਚੱਢਾ, ਹੱਕ ’ਚ ਉਤਰੇ ਪੰਜਾਬ ਦੇ ਮੰਤਰੀ
Wednesday, Jul 13, 2022 - 11:31 AM (IST)
ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਦਾ ਪੰਜਾਬ ਦੇ ਵਧੇਰੇ ਕੈਬਨਿਟ ਮੰਤਰੀਆਂ ਨੇ ਟਵੀਟ ਕਰਕੇ ਕਰਾਰਾ ਜਵਾਬ ਦਿੱਤਾ ਹੈ | ਇਨ੍ਹਾਂ ਕੈਬਨਿਟ ਮੰਤਰੀਆਂ ਨੇ ਜਿੱਥੇ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦਾ ਸੁਆਗਤ ਕੀਤਾ ਹੈ, ਉੱਥੇ ਨਾਲ ਹੀ ਕਿਹਾ ਹੈ ਕਿ ਇਸ ਨਾਲ ਪੰਜਾਬ ਵਿੱਚ ਸਰਕਾਰ ਨੂੰ ਹੋਰ ਮਜ਼ਬੂਤੀ ਅਤੇ ਸਥਿਰਤਾ ਮਿਲੇਗੀ। ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਰਾਘਵ ਚੱਢਾ ਦੀ ਚੇਅਰਮੈਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਦੇ ਕੰਮ ਵਿੱਚ ਤੇਜ਼ੀ ਆਵੇਗੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਹੁਣ ਵੱਡੇ ਭਰਾ ਤੇ ਛੋਟਾ ਭਰਾ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਦਾ ਪਿਆਰ ਚੜ੍ਹਿਆ ਪਰਵਾਨ, ਪਾਕਿਸਤਾਨ ਦੀ ਸ਼ੁਮਾਇਲਾ ਨੇ ਜਲੰਧਰ ਦੇ ਮੁੰਡੇ ਨਾਲ ਕੀਤਾ ਵਿਆਹ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਰਾਘਵ ਚੱਢਾ ਲੰਮੇ ਸਮੇਂ ਤੋਂ ਪੰਜਾਬ ਲਈ ਖ਼ੂਨ-ਪਸੀਨਾ ਵਹਾ ਰਹੇ ਹਨ। ਉਹ ਪੰਜਾਬ ਵਿੱਚ ਇਮਾਨਦਾਰ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਨਿਭਾਉਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਿਹਾ ਕਿ ਰਾਘਵ ਚੱਢਾ ਦੀ ਨਿਯੁਕਤੀ ’ਤੇ ਕਿਸੇ ਨੂੰ ਵੀ ਟਿੱਪਣੀ ਨਹੀਂ ਕਰਨੀ ਚਾਹੀਦੀ। ਰਾਘਵ ਚੱਢਾ ਦੀ ਨਿਯੁਕਤੀ ’ਤੇ ਉਨ੍ਹਾਂ ਕਿਹਾ ਕਿ 1+1 ਮਿਲ ਕੇ 11 ਬਣਦੇ ਹਨ। ਮਾਨ ਅਤੇ ਰਾਘਵ ਚੱਢਾ ਦੀ ਜੋੜੀ ਯੋਗ ਅਗਵਾਈ ਵਾਲੀ ਹੈ। ਪੰਜਾਬ ਦੇ ਹੋਰ ਵਿਧਾਇਕਾਂ ਨੇ ਵੀ ਰਾਘਵ ਚੱਢਾ ਦੀ ਨਿਯੁਕਤੀ ’ਤੇ ਟਵਿੱਟਰ 'ਤੇ ਆਪਣੇ ਵਧਾਈ ਸੰਦੇਸ਼ ਭੇਜੇ ਹਨ। ਰਾਘਵ ਚੱਢਾ ਨੇ ਵੀ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਟਵੀਟ ਕਰਕੇ ਕਿਹਾ ਕਿ ਮਾਨ ਸਾਹਿਬ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਸਨਮਾਨਿਤ ਕੀਤਾ ਹੈ। ਉਹ ਪੰਜਾਬੀਆਂ ਦੀ ਬਿਹਤਰੀ ਲਈ ਆਪਣਾ ਖ਼ੂਨ-ਪਸੀਨਾ ਇਕ ਕਰ ਦੇਣਗੇ।
ਇਹ ਵੀ ਪੜ੍ਹੋ: ਜਲੰਧਰ: ਭਿਖਾਰਨ ਦੀ ਘਿਨਾਉਣੀ ਹਰਕਤ ਨੂੰ ਜਾਣ ਹੋਵੋਗੇ ਹੈਰਾਨ, ਬੱਚੇ ਦੇ ਮੂੰਹ ’ਤੇ ਬਲੇਡ ਨਾਲ ਕੀਤੇ ਜ਼ਖ਼ਮ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਰਾਘਵ ਚੱਢਾ ਨੂੰ ਵਧਾਈ ਸੰਦੇਸ਼ ਭੇਜ ਕੇ ਆਸ ਪ੍ਰਗਟਾਈ ਹੈ ਕਿ ਉਹ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਜਾਣ 'ਚ ਯੋਗਦਾਨ ਪਾਉਣਗੇ ਅਤੇ ਸਲਾਹਕਾਰ ਕਮੇਟੀ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਇਹ ਵੀ ਕਿਹਾ ਹੈ ਕਿ ਭਗਵੰਤ ਮਾਨ ਅਤੇ ਰਾਘਵ ਚੱਢਾ ਮਿਲ ਕੇ ਪੰਜਾਬ ਦਾ ਭਲਾ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ