ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

Thursday, Apr 02, 2020 - 07:47 AM (IST)

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਅੰਮ੍ਰਿਤਸਰ : ਕੋਰੋਨਾ ਕਾਰਨ ਪੰਜਾਬ ਵਿਚ 5ਵੀਂ ਮੌਤ ਹੋ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ।

ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਇਕ ਵੱਡੀ ਸ਼ਖਸੀਅਤ ਸਨ। ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਖੰਘ, ਬੁਖਾਰ ਤੇ ਸਾਹ ਲੈਣ ਵਿਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਹੀ ਭਾਈ ਨਿਰਮਲ ਸਿੰਘ ਖਾਲਸਾ ਨੂੰ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ ਵੱਲਾ ਵਿਚ ਉਹ ਕੁਝ ਦਿਨ ਇਲਾਜ ਅਧੀਨ ਰਹੇ ਸਨ। ਉਨ੍ਹਾਂ ਨੇ ਡਾਕਟਰਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ।


author

Lalita Mam

Content Editor

Related News