ਰਾਹੁਲ ਤੇ ਕੈਪਟਨ ਦੱਸਣ ਕਿ ਮੁਕੰਮਲ ਕਰਜ਼ਾ ਮੁਆਫੀ ਤੋਂ ਕਿਉਂ ਮੁੱਕਰੇ : ਮਜੀਠੀਆ

Friday, Dec 28, 2018 - 09:25 AM (IST)

ਰਾਹੁਲ ਤੇ ਕੈਪਟਨ ਦੱਸਣ ਕਿ ਮੁਕੰਮਲ ਕਰਜ਼ਾ ਮੁਆਫੀ ਤੋਂ ਕਿਉਂ ਮੁੱਕਰੇ : ਮਜੀਠੀਆ

ਚੰਡੀਗੜ੍ਹ (ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਦਿਆਂ ਪੁੱਛਿਆ ਹੈ ਕਿ ਉਨ੍ਹਾਂ ਨੇ ਆਪਣੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਤੇ ਪੰਜਾਬ ਦੇ ਲੱਖਾਂ ਕਿਸਾਨਾਂ ਨਾਲ 'ਕਰਜ਼ਾ ਕੁਰਕੀ ਖ਼ਤਮ' ਦਾ ਵਾਅਦਾ ਕਰਨ ਮਗਰੋਂ ਪਿਛਲੇ ਲਗਭਗ ਦੋ ਸਾਲਾਂ ਤੋਂ ਇਸ ਵਾਅਦੇ ਨੂੰ ਅਮਲ ਵਿਚ ਕਿਉਂ ਨਹੀਂ ਲਿਆਂਦਾ ਹੈ? ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਰਜ਼ਾ ਮੁਆਫੀ ਸਕੀਮ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਦੀ ਗਾਰੰਟੀ ਦੇਣ ਵਾਲੇ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਬੁੱਧ ਸਿੰਘ ਨਾਲ ਸਭ ਤੋਂ ਪਹਿਲਾਂ ਉਸ ਦਾ ਕਰਜ਼ਾ ਮੁਆਫ ਕਰਨ ਦੇ ਕੀਤੇ ਵਾਅਦੇ ਤੋਂ ਮੁੱਕਰ ਕੇ ਮਨੁੱਖਤਾ ਖਿਲਾਫ ਸਭ ਤੋਂ ਵੱਡਾ ਅਪਰਾਧ ਕੀਤਾ ਹੈ।  ਅਜੇ ਵੀ ਕਿਸਾਨਾਂ ਦੀ ਦੁਰਦਸ਼ਾ ਵੇਖ ਕੇ ਇਨ੍ਹਾਂ ਦਾ ਦਿਲ ਨਹੀਂ ਪਸੀਜਿਆ ਤੇ ਉਹ ਬੁੱਧ ਸਿੰਘ ਅਤੇ ਸੂਬੇ ਦੇ ਬਾਕੀ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਇਨਕਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਮਗਰੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਜਿਹੀ ਹੀ ਧੋਖੇ ਭਰੀ ਕਰਜ਼ਾ ਮੁਆਫੀ ਸਕੀਮ ਦਾ ਵਾਅਦਾ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਕਿਸਾਨਾਂ ਨਾਲ ਕਰ ਚੁੱਕੇ ਹਨ।  ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਸ਼ਟਰੀ ਅਤੇ ਸਹਿਕਾਰੀ ਬੈਂਕਾਂ ਤੋਂ ਇਲਾਵਾ ਆੜ੍ਹਤੀਆਂ ਵਾਲੇ ਕਰਜ਼ੇ ਮੁਆਫ ਕਰਨ ਲਈ 90 ਹਜ਼ਾਰ ਕਰੋੜ ਦੀ ਮੁਕੰਮਲ ਕਰਜ਼ਾ ਮੁਆਫੀ ਲਾਗੂ ਕਰਨ ਦਾ ਵੀਡਿਓ ਅਪਲੋਡ ਕੀਤਾ ਗਿਆ ਸੀ, ਜਿਸ ਨੂੰ ਵੇਖ ਕੇ ਬੁੱਧ ਸਿੰਘ ਸਮੇਤ ਸੂਬੇ ਦੇ ਕਿੰਨੇ ਹੀ ਕਿਸਾਨਾਂ ਨੇ ਕਾਂਗਰਸ ਪਾਰਟੀ ਨੂੰ ਵੋਟ ਪਾਈ ਸੀ।


author

cherry

Content Editor

Related News