3 ਜਨਵਰੀ ਦੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਕਾਂਗਰਸੀ ਪੱਬਾਂ ਭਾਰ, ਪਿੰਡਾਂ ''ਚ ਕੀਤੀਆਂ ਨੁੱਕੜ ਮੀਟਿੰਗਾਂ
Monday, Dec 27, 2021 - 10:54 AM (IST)
ਮੋਗਾ (ਗੋਪੀ ਰਾਊਕੇ) : ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਸਬੰਧੀ ਹਰ ਸਿਆਸੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਸਥਾਪਨਾ ਦਿਵਸ ’ਤੇ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਚੋਣਾਂ ਦੀ ਸ਼ੁਰੂਆਤ ਕੀਤੀ ਸੀ। ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਕਮੇਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਤਹਿਤ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿਖੇ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਭੁਪਿੰਦਰ ਸਿੰਘ ਸਾਹੋਕੇ ਨੇ 3 ਜਨਵਰੀ ਨੂੰ ਪਿੰਡ ਕਿੱਲੀ ਚਾਹਲਾਂ ਵਿਖੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਦੀ ਅਪੀਲ ਕਰਦਿਆਂ ਹੁੰਮ-ਹੁਮਾ ਕੇ ਰੈਲੀ ਵਿਚ ਪੁੱਜਣ ਦੀ ਅਪੀਲ ਕੀਤੀ। ਬਰਾੜ ਨੇ ਕਿਹਾ ਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਰ ਵਰਗ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਮਿਸਾਲ ਲੋਕ ਪੱਖੀ ਫ਼ੈਸਲੇ ਕੀਤੇ ਹਨ ਅਤੇ ਹੁਣ ਵੀ ਪੰਜਾਬ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਹਿੱਤ ਲਈ ਲਏ ਗਏ ਲੋਕ ਫ਼ੈਸਲਿਆਂ ਤੋਂ ਲੋਕ ਇੰਨ੍ਹੇ ਖੁਸ਼ ਹਨ ਕਿ ਉਹ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ।