ਰੈਲੀ ਤੋਂ ਪਹਿਲਾਂ ਸਿੱਖਾਂ ਨੇ ਕੀਤਾ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ (ਵੀਡੀਓ)
Wednesday, May 15, 2019 - 02:03 PM (IST)
ਫਰੀਦਕੋਟ (ਜਗਤਾਰ) - ਬਰਗਾੜੀ ਵਿਖੇ ਅੱਜ ਰਾਹੁਲ ਗਾਂਧੀ ਦੀ ਹੋ ਰਹੀ ਆਮਦ ਤੋਂ ਪਹਿਲਾਂ ਸਿੱਖਾਂ ਵਲੋਂ ਕਾਲੀਆਂ ਝੰਡੀਆਂ ਲਹਿਰਾ ਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਖਾਂ ਨੇ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਇਹ ਵਿਰੋਧ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਤੇ ਸਿਆਸਤ ਕਰਨ ਅਤੇ ਉਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿੱਤੇ ਜਾਣ ਕਾਰਨ ਕੀਤਾ ਹੈ। ਇਸ ਦੌਰਾਨ ਨਾਅਰੇਬਾਜ਼ੀ ਕਰ ਰਹੇ ਇਨ੍ਹਾਂ ਨੌਜਵਾਨਾਂ ਨੂੰ ਪੁਲਸ ਵਲੋਂ ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ ਹੀ ਕਾਬੂ ਕਰ ਲਿਆ ਗਿਆ।
ਜਾਣਕਾਰੀ ਅਨੁਸਾਰ ਇਸ ਦੌਰਾਨ ਕੁਝ ਨੌਜਵਾਨ ਤਾਂ ਮੌਕੇ ਤੋਂ ਖਿਸਕ ਗਏ ਪਰ ਜਸਵਿੰਦਰ ਸਿੰਘ ਸਾਹੋਕੇ, ਗੁਰਦੀਪ ਸਿੰਘ ਗੋਂਦਾਰਾ ਅਤੇ ਸਤਵੰਤ ਸਿੰਘ ਫੌਜੀ ਨੂੰ ਪੁਲਸ ਫੜ ਕੇ ਬਾਜਾਖਾਨਾ ਥਾਣੇ ਲੈ ਗਈ ਅਤੇ ਰਾਹੁਲ ਗਾਂਧੀ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਇਸ ਦੌਰਾਨ ਜਸਵਿੰਦਰ ਸਿੰਘ ਸਾਹੋਕੇ, ਗੁਰਦੀਪ ਸਿੰਘ ਗੋਂਦਾਰਾ ਅਤੇ ਸਤਵੰਤ ਸਿੰਘ ਫੌਜੀ ਨੇ ਰੋਸ ਪ੍ਰਗਟਾਇਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰ ਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ ਪਰ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਬਰਗਾੜੀ ਵਿਖੇ ਆ ਰਹੇ ਹਨ, ਜਿੱਥੇ ਉਹ ਫਰੀਦਕੋਟ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਬਰਗਾੜੀ ਵਿਖੇ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਸਾਢੇ ਤਿੰਨ ਸਾਲ ਪਹਿਲਾਂ ਬਰਗਾੜੀ ਵਿਖੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਆਏ ਸਨ।