ਰਾਹੁਲ ਗਾਂਧੀ ਦਾ ਅਹਿਮ ਬਿਆਨ, ਕਿਹਾ-ਕਾਂਗਰਸੀ ਕਾਰਕੁਨਾਂ ਤੋਂ ਪੁੱਛ ਕੇ ਤੈਅ ਕਰਾਂਗੇ CM ਦਾ ਚਿਹਰਾ
Thursday, Jan 27, 2022 - 09:15 PM (IST)
ਜਲੰਧਰ (ਵੈੱਬ ਡੈਸਕ, ਰਾਹੁਲ ਕਾਲਾ)-ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਜਲੰਧਰ ’ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਅਹਿਮ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਪਾਰਟੀ, ਉਸ ਦੇ ਕਾਰਕੁਨ ਤੇ ਪੰਜਾਬ ਚਾਹੁੰਦਾ ਹੈ ਤਾਂ ਫਿਰ ਉਹ ਮੁੱਖ ਮੰਤਰੀ ਦਾ ਫ਼ੈਸਲਾ ਤੁਹਾਡੇ ਲਈ ਲੈਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਕੁਨਾਂ ਤੋਂ ਪੁੱਛ ਕੇ ਮੁੱਖ ਮੰਤਰੀ ਬਾਰੇ ਫ਼ੈਸਲਾ ਕਰਨਗੇ। ਰਾਹੁਲ ਨੇ ਕਿਹਾ ਕਿ ਜੋ ਸਹੀ ਵਿਅਕਤੀ ਹੋਵੇਗਾ, ਉਹ ਪੰਜਾਬ ਨੂੰ ਅੱਗੇ ਲਿਜਾਏਗਾ ਤੇ ਬਾਕੀ ਸਾਰੇ ਵਿਅਕਤੀ ਮਿਲ ਕੇ ਇਕ ਟੀਮ ਵਾਂਗ ਲੜਾਈ ਲੜਨਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਵੱਲੋਂ ਦੂਜੀ ਲਿਸਟ ਜਾਰੀ, 23 ਉਮੀਦਵਾਰਾਂ ਦਾ ਕੀਤਾ ਐਲਾਨ
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਤੋਂ ਪਹਿਲਾਂ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ। ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੀਤਾ ਗਿਆ ਹਰ ਫ਼ੈਸਲਾ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਸਿਆਸੀ ਪਾਰਟੀ ਨਹੀਂ ਸਗੋਂ ਵਿਚਾਰਧਾਰਾ ਹੈ, ਜਿਸ ਨੇ ਅੰਗਰੇਜ਼ਾਂ ਨੂੰ ਹਰਾ ਕੇ ਇਕ ਦੇਸ਼ ਬਣਾਇਆ ਹੈ। ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਜਲੰਧਰ ਪਹੁੰਚਣ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਕਾਂਗਰਸੀ ਵਿਧਾਇਕਾਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ, ਨਵਜੋਤ ਸਿੰਘ ਸਿੱਧੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ੍ਰੀ ਦੁਰਗਿਆਣਾ ਮੰਦਿਰ ’ਚ ਵੀ ਮੱਥਾ ਟੇਕਿਆ ਗਿਆ ਅਤੇ ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ਦੇ ਵੀ ਦਰਸ਼ਨ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।