ਦਰਜਾ-4 ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

12/16/2017 4:21:09 AM

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੱਦੇ 'ਤੇ ਅੱਜ ਇਥੇ ਦਰਜਾ-4 ਕਰਮਚਾਰੀ ਯੂਨੀਅਨ ਨੇ ਜ਼ਿਲਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ 'ਚ ਰੋਸ ਰੈਲੀ ਕਰ ਕੇ ਕੈਪਟਨ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਜਨਵਰੀ 2017 ਤੋਂ ਡੀ. ਏ. ਦੀ ਬਣਦੀ ਕਿਸ਼ਤ ਅਜੇ ਤੱਕ ਜਾਰੀ ਨਹੀਂ ਕੀਤੀ, ਜਦਕਿ ਆਈ. ਆਈ. ਏ. ਐੱਸ. ਕੇਡਰ ਦੇ ਅਧਿਕਾਰੀਆਂ ਨੂੰ ਇਸ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਤੋਂ ਸਾਫ਼ ਜ਼ਾਹਰ ਹੈ ਕਿ ਕੈਪਟਨ ਸਰਕਾਰ ਦਰਜਾ-4 ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। 
ਬਹਾਲ ਹੋਵੇ ਪੁਰਾਣੀ ਪੈਨਸ਼ਨ ਸਕੀਮ : ਯੂਨੀਅਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ  ਆਗੂਆਂ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਂਦਿਆਂ ਹੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਬੜੇ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਜੀ. ਪੀ. ਫੰਡ ਅਤੇ ਪੈਨਸ਼ਨਰਾਂ ਦੇ ਬਕਾਇਆਂ ਦੀ ਵੀ ਜਲਦ ਅਦਾਇਗੀ ਕਰਨ ਦੀ ਮੰਗ ਨੂੰ ਦੁਹਰਾਇਆ। 
20 ਨੂੰ ਤਿਆਰ ਹੋਵੇਗੀ ਸੰਘਰਸ਼ ਦੀ ਅਗਲੀ ਰੂਪ-ਰੇਖਾ : ਆਗੂਆਂ ਨੇ ਦੱਸਿਆ ਕਿ 20 ਦਸੰਬਰ ਨੂੰ ਲੁਧਿਆਣਾ 'ਚ ਬੁਲਾਈ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਤਾਂ ਜੋ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕੀਤਾ ਜਾ ਸਕੇ।


Related News