ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ, ਇੱਕੋ ਸਮੇਂ 1490 ਥਾਵਾਂ 'ਤੇ ਛਾਪੇਮਾਰੀ
Friday, Feb 03, 2023 - 09:48 PM (IST)
ਚੰਡੀਗੜ੍ਹ: ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ 'ਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।
ਇਹ ਖ਼ਬਰ ਵੀ ਪੜ੍ਹੋ - ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਦੌਰਾਨ ਫੂਕੀ ਵਰਨਾ ਗੱਡੀ, ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਸ ਮੁਲਾਜ਼ਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ, ਬਣਾਈ ਗਈ ਸੀ । ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।
ਇਹ ਖ਼ਬਰ ਵੀ ਪੜ੍ਹੋ - ਬਰਫ਼ਬਾਰੀ ਵੇਖਣ ਡਲਹੌਜ਼ੀ ਗਏ ਸਨ 3 ਪੰਜਾਬੀ ਨੌਜਵਾਨ, ਠੰਡ ਤੋਂ ਬਚਣ ਦੇ ਚੱਕਰ 'ਚ ਇਕ ਨੇ ਗੁਆਈ ਜਾਨ
ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐੱਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਐਨਕਾਊਂਟਰ, ਮੱਧ ਪ੍ਰਦੇਸ਼ ਤੋਂ ਲਿਆਇਆ ਸੀ ਅਸਲਾ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਮੁਲਜ਼ਮਾਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿਚ ਵਰਤੇ 510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।