ਕਿਸਾਨਾਂ ਨੇ ਸ਼ੰਭੂ ਬਾਰਡਰ ''ਤੇ ''ਰੇਲ ਰੋਕੋ'' ਅੰਦੋਲਨ ਕੀਤਾ ਖ਼ਤਮ, ਅਗਲੇਰੀ ਕਾਰਵਾਈ ਬਾਰੇ ਕੀਤੇ ਵੱਡੇ ਐਲਾਨ
Tuesday, May 21, 2024 - 03:41 AM (IST)
ਚੰਡੀਗੜ੍ਹ/ਪਟਿਆਲਾ/ਸਨੌਰ/ਜੈਤੋ/ਅੰਬਾਲਾ (ਰਮਨਜੀਤ, ਨਵਿੰਦਰ, ਜੋਸਨ, ਪਰਾਸ਼ਰ, ਰਾਕੇਸ਼ ਬਨਵਾਲ)- ਕਿਸਾਨ ਅੰਦੋਲਨ-2 ਦੇ 100 ਦਿਨ ਪੂਰੇ ਹੋਣ ਅਤੇ ਸ਼ੰਭੂ ਵਿਖੇ 3 ਕਿਸਾਨਾਂ ਦੀ ਰਿਹਾਈ ਲਈ ਚੱਲ ਰਹੇ ‘ਰੇਲ ਰੋਕੋ’ ਅੰਦੋਲਨ ਸਬੰਧੀ ਸੋਮਵਾਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਕਿਸਾਨ-ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ. (ਗੈਰ-ਸਿਆਸੀ) ਨੇ ਅਹਿਮ ਐਲਾਨ ਕੀਤੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ-2 ਦੇ 100 ਦਿਨ ਪੂਰੇ ਹੋਣ ’ਤੇ ਸ਼ੰਭੂ ਬਾਰਡਰ, ਖਨੌਰੀ, ਡੱਬਵਾਲੀ ਅਤੇ ਰਤਨਪੁਰਾ ਵਿਖੇ ਵੱਡੀਆਂ ਕਿਸਾਨ ਕਾਨਫਰੰਸਾਂ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਸ਼ੰਭੂ ਰੇਲਵੇ ਟਰੈਕ ’ਤੇ ਲਾਏ ਗਏ ਧਰਨੇ ਨੂੰ ਵੀ ਹਟਾ ਲਿਆ ਜਾਵੇਗਾ।
ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਕਾਨਫਰੰਸ ਵਿਚ ਦੇਸ਼ ਭਰ ਤੋਂ ਸ਼ਾਮਲ ਹੋਣ ਵਾਲੇ ਕਿਸਾਨਾਂ ਲਈ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵਧਦੀ ਗਰਮੀ ਅਤੇ ਤਾਪਮਾਨ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ 'ਤੇ CM ਮਾਨ ਸਖ਼ਤ, ਕਿਹਾ- 'ਐਲਾਨ ਦੀ ਉਲੰਘਣਾ ਕਰਨ ਦੀ ਗ਼ਲਤਫਹਿਮੀ...'
ਐੱਸ.ਕੇ.ਐੱਮ. ਤੋਂ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ, ਸੁਰਜੀਤ ਫੂਲ, ਸਰਵਣ ਸਿੰਘ ਪੰਧੇਰ, ਬਲਦੇਵ ਸਿੰਘ ਸਿਰਸਾ, ਸੁਖਜੀਤ ਸਿੰਘ, ਲਖਵਿੰਦਰ ਸਿੰਘ ਔਲਖ, ਗੁਰਿੰਦਰ ਸਿੰਘ ਭੰਗੂ, ਅਭਿਮਨਿਊ ਕੋਹਾੜ, ਮਲਕੀਤ ਸਿੰਘ ਆਦਿ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਝੂਠੇ ਕੇਸ ਵਿਚ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਪਿਛਲੇ ਇਕ ਮਹੀਨੇ ਤੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ‘ਰੇਲ ਰੋਕੋ’ ਅੰਦੋਲਨ ਨੂੰ ਕਿਸਾਨ ਤੁਰੰਤ ਖ਼ਤਮ ਕਰ ਦੇਣਗੇ ਪਰ ਆਪਣੇ ਸਾਥੀ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਹਾਲ ਹੀ ਵਿਚ ਕਿਸਾਨਾਂ ਦੀ ਬਦਨਾਮੀ ਅਤੇ ਭਾਜਪਾ ਦੇ ਕੁਝ ਆਗੂਆਂ ਵੱਲੋਂ ਕਿਸਾਨਾਂ ਪ੍ਰਤੀ ਕੀਤੀ ਜਾ ਰਹੀ ਬੇਤੁਕੀ ਬਿਆਨਬਾਜ਼ੀ ਨੂੰ ਲੈ ਕੇ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਸੂਬੇ ਵਿਚ ਅਰਾਜਕਤਾ ਫੈਲਾਉਣ, ਸਮਾਜ ਵਿਚ ਵੰਡੀਆਂ ਪਾਉਣ ਅਤੇ ਮਾਹੌਲ ਵਿਗਾੜਨ ਦੀ ਕੋਸ਼ਿਸ਼ ਨਾ ਕਰੇ। ਪੰਜਾਬ ਵਿਚ ਭਾਜਪਾ ਦਾ ਇਹ ਪ੍ਰਾਪੇਗੰਡਾ ਕੰਮ ਨਹੀਂ ਆਵੇਗਾ।
ਇਹ ਵੀ ਪੜ੍ਹੋ- ਰਾਮਲੱਲਾ ਦੇ ਦਰਸ਼ਨਾਂ ਲਈ ਗਏ ਬੱਚੇ ਹੋਏ ਲਾਪਤਾ, ਨਦੀ ਕੰਢਿਓਂ ਮਿਲੇ ਕੱਪੜੇ ਦੇਖ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਮਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਚੋਣ ਰੈਲੀ ਸਬੰਧੀ ਕਿਸਾਨ ਆਗੂਆਂ ਸੁਖਜੀਤ ਸਿੰਘ ਖਹਿਰਾ ਅਤੇ ਸੁਰਜੀਤ ਫੂਲ ਨੇ ਕਿਹਾ ਕਿ ਉਨ੍ਹਾਂ ਦੇ ਸੱਦੇ ਅਨੁਸਾਰ ਕਿਸਾਨ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਵਿਧਾਨਕ ਅਤੇ ਜਮਹੂਰੀ ਢੰਗ ਨਾਲ ਸਵਾਲ-ਜਵਾਬ ਕਰਨਗੇ।
ਪਿਛਲੇ ਅੰਦੋਲਨ ਵਿਚ ਉਨ੍ਹਾਂ ਨੇ ਕਿਸਾਨਾਂ ਨਾਲ ਧੋਖਾ ਕਰਦਿਆਂ ਝੂਠ ਕਿਉਂ ਬੋਲਿਆ? ਆਖ਼ਿਰ ਲਿਖਤੀ ਰੂਪ ਵਿਚ ਦੇਣ ਦੇ ਬਾਵਜੂਦ ਉਨ੍ਹਾਂ ਨੇ ਵਾਅਦਾ ਕਿਉਂ ਤੋੜਿਆ? ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਭਾਜਪਾ ਹਰਿਆਣਾ ਵਿਚ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e