ਝਾਰਖੰਡ ਤੋਂ ਕੋਲੇ ਦੀ ਰੇਲਵੇ ਰੈਕ ਪਹੁੰਚੀ ਰੂਪਨਗਰ, CM ਮਾਨ ਦਾ ਦਾਅਵਾ ਹੁਣ 30 ਸਾਲ ਤੱਕ ਨਹੀਂ ਹੋਵੇਗੀ ਕੋਲੇ ਦੀ ਘਾਟ
Friday, Dec 16, 2022 - 06:42 PM (IST)
ਰੋਪੜ (ਵੈੱਬ ਡੈਸਕ, ਵਿਜੈ)- ਪੰਜਾਬ ਵਿਚ ਹੁਣ ਬਿਜਲੀ ਲਈ ਕੋਲੇ ਦੀ ਕਮੀ ਨਹੀਂ ਹੋਵੇਗੀ। ਪੰਜਾਬ ਵਿਚ ਝਾਰਖੰਡ ਦੇ ਪਛਵਾੜਾ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਰੂਪਨਗਰ ਵਿਚ ਪਹੁੰਚ ਚੁੱਕੀ ਹੈ। ਸੂਬੇ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਘਨੌਲੀ (ਰੂਪਨਗਰ) ਦੇ ਥਰਮਲ ਪਲਾਂਟ ਵਿਚ ਪਹੁੰਚੀ ਕੋਲਾ ਗੱਡੀ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿਚ 30 ਸਾਲ ਤੱਕ ਕੋਲੇ ਦੀ ਕੋਈ ਘਾਟ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਨੂੰ ਇਕ ਸਾਲ ਵਿਚ ਕਰੀਬ 1500 ਕਰੋੜ ਰੁਪਏ ਦਾ ਫਾਇਦਾ ਹੋਵੇਗਾ ਅਤੇ ਹੁਣ 30 ਸਾਲ ਤੱਕ ਕੋਲੇ ਦੀ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੋਲੇ ਕਰਕੇ ਪੰਜਾਬ ਵਿਚ ਕੋਈ ਯੂਨਿਟ ਬੰਦ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਘਰ, ਭੂਆ ਕੋਲ ਆਏ ਨੌਜਵਾਨ ਨੇ ਫੁੱਫੜ ਨਾਲ ਲਈ ਨਸ਼ੇ ਦੀ ਓਵਰਡੋਜ਼, ਹੋਈ ਮੌਤ
ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਸੂਬੇ ਨੂੰ ਅਲਾਟ ਹੋਈ ਸੀ ਪਰ 2015 ਤੋਂ ਇਹ ਖਾਣ ਬੰਦ ਪਈ ਹੈ। ਉਨ੍ਹਾਂ ਕਿਹਾ ਕਿ 2015 ਤੋਂ ਲੈ ਕੇ 2018 ਤੱਕ ਇਹ ਕੋਲਾ ਮਾਈਨ ਇਸ ਕਰਕੇ ਬੰਦ ਰਹੀ ਕਿਉਂਕਿ ਕੋਈ ਟੈਂਡਰ ਨਹੀਂ ਪਾਏ ਗਏ ਸਨ। ਫਿਰ 2018 ਵਿਚ ਸੁਪਰੀਮ ਕੋਰਟ ਕੋਲ ਮਾਮਲਾ ਪੁੱਜਾ। ਇਹ ਮਾਮਲਾ ਸੁਪਰੀਮ ਕੋਰਟ ਵਿੱਚ ਕੇਸ ਪੈਂਡਿੰਗ ਪਿਆ ਸੀ ਪਰ ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਮਾਰਚ 2022 ਵਿੱਚ ਇਹ ਮਾਮਲਾ ਉਠਾਇਆ ਅਤੇ ਸਹੀ ਤਰੀਕੇ ਨਾਲ ਮਾਮਲੇ ਦੀ ਪੈਰਵਾਈ ਕਰਨ ਨਾਲ ਕੋਲੇ ਦੀ ਸਪਲਾਈ ਬਹਾਲ ਹੋ ਗਈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਕ ਸਾਲ ਵਿਚ 600 ਕਰੋੜ ਦਾ ਫਾਇਦਾ ਹੋਵੇਗਾ। ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਝਾਰਖੰਡ ਦੇ ਪਛਵਾੜਾ ਵਿਚ ਪੰਜਾਬ ਦੀ ਕੋਲ ਖਾਣ ਸ਼ੁਰੂ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਇਕਲੌਤਾ ਵਾਧੂ ਬਿਜਲੀ ਵਾਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ 83 ਫ਼ੀਸਦੀ ਵੱਧ ਬਿਜਲੀ ਦਾ ਉਤਪਾਦਨ ਕੀਤਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦਾ ਉਤਪਾਦਨ ਕਈ ਗੁਣਾ ਵਧੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਇਸ ਸਮੇਂ ਵਿਕਾਸ ਅਤੇ ਤਰੱਕੀ ਦਾ ਮੁੱਖ ਆਧਾਰ ਹੈ। ਇਸ ਲਈ ਸਰਕਾਰ ਇਸ ਦਾ ਉਤਪਾਦਨ ਵਧਾਉਣ ਉਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਸਨਅਤੀ ਵਿਕਾਸ ਦੀ ਤੇਜ਼ੀ ਦੇ ਰਾਹ ਪਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ : ਪਟਿਆਲਾ 'ਚ ਸੁੱਤੇ ਪਏ ਨੌਜਵਾਨ ਨਾਲ ਵਾਪਰਿਆ ਭਾਣਾ, ਇਕਲੌਤੇ ਕਮਾਊ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਇਸ ਖਾਣ ਕੋਲ ਰਾਜ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਕੋਲਾ ਹੈ। ਇਸ ਖਾਣ ਦੀ ਕੁੱਲ ਸਮਰੱਥਾ 70 ਲੱਖ ਟਨ ਸਲਾਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਭਵਿੱਖ ਵਿੱਚ ਵਿਦੇਸ਼ਾਂ ਤੋਂ ਕੋਲਾ ਮੰਗਵਾਉਣ ਦੀ ਕੋਈ ਲੋੜ ਨਹੀਂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਗਏ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ (ਪੀ. ਪੀ .ਏ.) ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾਉਣ ਵਾਲੇ ਕਿਸੇ ਵੀ ਸ਼ਖਸ ਨੂੰ ਉਸ ਦੇ ਕੀਤੇ ਪਾਪਾਂ ਲਈ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਲੁੱਟਣ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤੇ ਜਾਣਗੇ। ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ 600 ਕਰੋੜ ਰੁਪਏ ਸਲਾਨਾ ਦੀ ਸਿੱਧੀ ਬੱਚਤ ਹੋਵੇਗੀ, ਜਦਕਿ ਘਰੇਲੂ ਕੋਲੇ ’ਤੇ ਪੂਰੀ ਤਰ੍ਹਾਂ ਨਿਰਭਰਤਾ ਨਾਲ ਹੋਰ 520 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਨੂੰ ਵਾਧੂ ਬਚਦੇ ਕੋਲੇ ਦੀ ਸਪਲਾਈ ਤੋਂ ਹੋਰ 1500 ਕਰੋੜ ਰੁਪਏ ਜੁਟਾਏ ਜਾਣਗੇ। ਪਛਵਾੜਾ ਖਾਣ ਦੇ ਕੋਲੇ ਵਿੱਚ ਰਾਖ ਦੀ ਮਾਤਰਾ ਸਿਰਫ਼ 32 ਫ਼ੀਸਦੀ ਹੈ ਜਦਕਿ ਹੋਰ ਸਰੋਤਾਂ ਤੋਂ ਮਿਲਦੇ ਕੋਲੇ ਵਿੱਚ 41 ਫ਼ੀਸਦੀ ਰਾਖ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਰੇਲ-ਸ਼ਿਪ-ਰੇਲ (ਆਰ.ਐੱਸ.ਆਰ.) ਮਾਧਿਅਮ ਰਾਹੀਂ ਕੋਲੇ ਦੀ ਸਪਲਾਈ ਬੰਦ ਕਰਨ ਦਾ ਮੁੱਦਾ ਉਠਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਊਰਜਾ ਮੰਤਰੀ ਨੂੰ ਭਾਰਤ ਸਰਕਾਰ ਦੇ ਇਸ ਫ਼ੈਸਲੇ ਦੀ ਸਮੀਖਿਆ ਕਰਨ ਅਤੇ ਮੌਜੂਦਾ ਆਰ.ਐਸ.ਆਰ. ਮੋਡ ਦੀ ਬਜਾਏ ਸਿੱਧਾ ਰੇਲ ਮੋਡ ਰਾਹੀਂ ਸੂਬੇ ਨੂੰ ਕੋਲੇ ਦੀ 100 ਫ਼ੀਸਦੀ ਸਪਲਾਈ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਆਰ. ਐੱਸ. ਆਰ. ਮੋਡ ਰਾਹੀਂ ਕੋਲੇ ਦੀ ਪਹੁੰਚ ਲਾਗਤ ਵਿੱਚ ਲੱਗਭੱਗ 1600 ਰੁਪਏ ਪ੍ਰਤੀ ਮੀਟਰਕ ਟਨ ਦਾ ਭਾਰੀ ਵਾਧਾ ਹੋਵੇਗਾ ਜਿਸ ਨਾਲ ਹਰ ਸਾਲ ਲਗਭਗ 200 ਕਰੋੜਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਉਂ ਜੋ ਪੰਜਾਬ ਰਾਜ, ਖਾਣ ਤੋਂ ਸਭ ਤੋਂ ਦੂਰ ਸਥਿਤ ਹੈ, ਇਸ ਲਈ ਢੋਆ-ਢੁਆਈ ਦੀ ਲਾਗਤ ਕੁੱਲ ਪਹੁੰਚ ਲਾਗਤ ਦਾ 60 ਫ਼ੀਸਦੀ ਬਣਦੀ ਹੈ।
ਇਹ ਗੱਡੀ ਤਕਰੀਬਨ 8 ਸਾਲਾਂ ਦੀ ਉਡੀਕ ਤੋਂ ਬਾਅਦ ਅੱਜ ਝਾਰਖੰਡ ਦੇ ਪਛਵਾੜਾ ਕੋਲ ਮਾਈਨ ਤੋਂ ਪੰਜਾਬ ਪਹੁੰਚੀ ਹੈ। 8 ਸਾਲਾ ਦੇ ਵਕਫ਼ੇ ਮਗਰੋਂ ਪੰਜਾਬ ਨੂੰ ਪਛਵਾੜਾ ਕੋਲੇ ਦੀ ਖਾਣ ਦਾ ਪਹਿਲਾ ਰੇਲਵੇ ਟਰੈਕ ਮਿਲਿਆ, ਜੋ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ। ਇਹ ਸੂਬੇ ਨੂੰ ਲਗਭਗ ਹਰ ਸਾਲ 1000 ਕਰੋੜ ਰੁਪਏ ਦੀ ਬਚਤ ਕਰਨ ਅਤੇ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦੀ ਸੀਮਤ ਸਪਲਾਈ 'ਤੇ ਨਿਰਭਤਾ ਨੂੰ ਖ਼ਤਮ ਕਰਨ ਵਿਚ ਮਦਦ ਕਰੇਗਾ।
ਇਹ ਵੀ ਪੜ੍ਹੋ : ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਅੱਜ ਬੱਸਾਂ ਦਾ ਰਹੇਗਾ ਚੱਕਾ ਜਾਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ