ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਜਲੰਧਰ ਸਣੇ ਕਈ ਜ਼ਿਲ੍ਹਿਆ 'ਚ ਪਿਆ ਤੇਜ਼ ਮੀਂਹ

Wednesday, Jun 05, 2024 - 08:01 PM (IST)

ਜਲੰਧਰ- ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਜਿੱਥੇ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਲੋਕਾਂ ਨੂੰ ਅੱਤ ਦੀ ਗਰਮੀ ਤੇ ਲੂ ਵਿੱਚ ਰਹਿਣ ਲਈ ਮਜਬੂਰ ਹੋਣਾ ਪਿਆ ਰਿਹਾ ਸੀ ਉਥੇ ਹੀ ਤਾਪਮਾਨ 45 ਤੋਂ 46 ਡਿਗਰੀ ਤੱਕ ਚਲ ਗਿਆ ਸੀ। ਇਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਅੱਜ ਅਚਾਨਕ ਦੇਰ ਸ਼ਾਮ ਠੰਡੀਆਂ ਹਵਾਵਾਂ ਤੇਜ਼ ਮੀਂਹ ਨੇ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ 'ਚ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਸੀ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਮੀਂਹ ਵੀ ਪਵੇਗਾ।

ਜਿਨ੍ਹਾਂ 18 ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਸ਼ਾਮਲ ਹਨ। ਫਿਲਹਾਲ ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਘਟਿਆ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਹਵਾਵਾਂ ਚੱਲਣ ਕਰਕੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 

 


Rakesh

Content Editor

Related News