'ਘੱਟੋ-ਘੱਟ ਸਮਰਥਨ ਮੁੱਲ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਮੋਦੀ ਸਰਕਾਰ ਦੀ ਵਚਨਬੱਧਤਾ ਦਾ ਸਬੂਤ'

Thursday, Sep 09, 2021 - 11:43 PM (IST)

ਚੰਡੀਗੜ੍ਹ (ਸ਼ਰਮਾ)- ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਮਾਰਕੀਟਿੰਗ ਸੀਜ਼ਨ 2022-23 ਲਈ ਹਾੜੀ ਸੀਜ਼ਨ ਦੀਆਂ ਫਸਲਾਂ ਕਣਕ, ਜੌਂ ਅਤੇ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਵਾਧੇ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਾੜੀ ਦੀ ਫਸਲ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਇਹ ਵਾਧਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵਲੋਂ ਕਿਸਾਨਾਂ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਗੁੰਮਰਾਹਕੁੰਨ ਅਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੁਲਸ ਹਿਰਾਸਤ ’ਚ ਵਿਅਕਤੀ ਦੀ ਭੇਤਭਰੀ ਹਾਲਤ ’ਚ ਮੌਤ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਰੱਖਣ ਦੀ ਗੱਲ ਕੀਤੀ ਸੀ, ਜਿਸ ਨੂੰ ਉਹ ਪੂਰਾ ਕਰ ਰਹੀ ਹੈ ਅਤੇ ਸਮੇਂ-ਸਮੇਂ ’ਤੇ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਨਾਲ-ਨਾਲ ਮੋਦੀ ਸਰਕਾਰ ਵਲੋਂ ਇਹ ਯਕੀਨੀ ਕੀਤਾ ਗਿਆ ਹੈ ਕਿ ਕਿਸਾਨਾਂ ਦਾ ਮਿਹਨਤਾਨਾ ਉਨ੍ਹਾਂ ਦੇ ਖਾਤਿਆਂ ਵਿਚ ਸਿੱਧਾ ਟਰਾਂਸਫਰ ਕੀਤਾ ਜਾਵੇ ਅਤੇ ਇਹ ਵੀ ਸ਼ੁਰੂ ਹੋ ਗਿਆ ਹੈ।


Bharat Thapa

Content Editor

Related News