ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਵਜ਼ੀਫ਼ਾ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

10/23/2021 12:11:56 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇੱਥੇ ਇੱਕ ਬਿਆਨ ਵਿਚ ਡਾ. ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਘਪਲੇ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਤਾਕਤਵਾਰ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : BSF ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਵ ਪਾਰਟੀ ਬੈਠਕ    

ਡਾ. ਵੇਰਕਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਤਕਰੀਬਨ 100 ਕਾਲਜ ਸ਼ਾਮਲ ਹਨ ਅਤੇ ਇਨ੍ਹਾਂ ਵੱਲ 100 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਬਣਦੀ ਹੈ। ਉਨ੍ਹਾਂ ਕਿਹਾ ਇਸ ਮਾਮਲੇ ਬਾਰੇ ਮੰਤਰੀ ਮੰਡਲ ਵੱਲੋਂ ਵਿਚਾਰ-ਵਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧੀ ਐਡਵੋਕੇਟ ਜਨਰਲ ਦੀ ਵੀ ਰਾਏ ਪ੍ਰਾਪਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ 50 ਲੱਖ ਤੋਂ ਵੱਧ ਵਸੂਲੀ ਦੇ ਸਬੰਧ ਵਿਚ ਕੇਸ ਦਰਜ ਕਰਨ ਲਈ ਕਿਹਾ ਹੈ। ਇਸ ਸੰਦਰਭ ਵਿਚ ਗਰੀਬ ਬੱਚਿਆਂ ਨਾਲ ਧੋਖਾ ਕਰਨ ਵਾਲਿਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 2 ਦਿਨ 'ਮੌਸਮ' ਰਹੇਗਾ ਖ਼ਰਾਬ, ਧੂੜ ਭਰੀ ਹਨ੍ਹੇਰੀ ਨਾਲ ਪੈ ਸਕਦੀ ਹੈ ਬਾਰਸ਼

ਦੱਸਣਯੋਗ ਹੈ ਕਿ ਮੁੱਢਲੀਆਂ ਰਿਪੋਰਟਾਂ ਦੇ ਆਧਾਰ ’ਤੇ ਡਾ. ਵੇਰਕਾ ਦੇ ਹੁਕਮਾਂ ’ਤੇ ਪੰਜ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪਹਿਲਾਂ ਹੀ ਚਾਰਜਸੀਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀ. ਸੀ. ਐੱਫ. ਏ. ਚਰਨਜੀਤ ਸਿੰਘ, ਐੱਸ. ਓ. ਮੁਕੇਸ ਭਾਟੀਆ, ਸੁਪਰੀਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਕਥਿਤ ਪੋਸਟ ਮੈਟ੍ਰਿਕ ਐੱਸ. ਸੀ. ਵਜ਼ੀਫ਼ਾ ਘਪਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਵੱਧਣ ਲੱਗੇ 'ਪਰਾਲੀ' ਸਾੜਨ ਦੇ ਮਾਮਲੇ, ਮੁੱਖ ਖੇਤੀਬਾੜੀ ਅਫ਼ਸਰ ਬੋਲੇ-ਕਿਸਾਨਾਂ 'ਤੇ ਹੋਵੇਗੀ ਕਾਰਵਾਈ

ਉਨ੍ਹਾਂ ਕਿਹਾ ਕਿ ਐੱਸ. ਸੀ. ਸਕਾਲਰਸ਼ਿਪ ਫੰਡਾਂ ਵਿਚ ਹੇਰਾ-ਫੇਰੀ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿਚ ਅਸਫ਼ਲ ਰਹੇ ਹਨ, ਉਨ੍ਹਾਂ ਖ਼ਿਲਾਫ਼ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ  

Babita

This news is Content Editor Babita