ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ
Wednesday, Oct 30, 2024 - 04:18 PM (IST)
ਚੰਡੀਗੜ੍ਹ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ। ਉਨ੍ਹਾਂ ਨੇ ਇਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ ਪੰਜਾਬ ਵਿਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿੰਦਿਆਂ ਇਕ ਦੂਜੇ ਨੂੰ ਅੱਗੇ ਵਧਣ ਵਿਚ ਸਹਿਯੋਗ ਦੇਣ।
ਉਨ੍ਹਾਂ ਕਿਹਾ ਕਿ ਸਮਾਜ ਦੀ ਸਿਰਜਣਾ ਵਿਚ ਨੌਜਵਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਗਿੱਲ ਨੇ ਨੌਜਵਾਨਾਂ ਨੂੰ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਿੱਥੇ ਹਰ ਇਕ ਨੂੰ ਮਾਣ-ਸਨਮਾਨ ਮਿਲੇ ਅਤੇ ਹਰ ਕੋਈ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਅੱਗੇ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਅਤੇ ਨਿਰਪੱਖਤਾ ਪ੍ਰਤੀ ਸਮਰਪਣ ਦੇ ਨਾਲ, ਅਸੀਂ ਅਜਿਹਾ ਸਮਾਜ ਸਿਰਜ ਸਕਦੇ ਹਾਂ, ਜਿੱਥੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਹਰ ਤਰ੍ਹਾਂ ਦੇ ਸ਼ੋਸ਼ਣ ਅਤੇ ਵਿਤਕਰੇ ਨੂੰ ਖ਼ਤਮ ਕਰਨ ਲਈ ਮਿਲ ਕੇ ਕੰਮ ਕਰੀਏ।
ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਸਮਾਜ ਦੇ ਹਰ ਹਿੱਸੇ ਵਿਚ ਸੁਰੱਖਿਅਤ ਮਹਿਸੂਸ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਿਯੋਗ ਮਿਲੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਕ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਾਸਤੇ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।