ਰਾਜਾ ਵੜਿੰਗ ਦੇ ਰਾਜ ’ਚ ਠੇਕਾ ਕਰਮਚਾਰੀ ਯੂਨੀਅਨ 23 ਤੋਂ ਕਰੇਗੀ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ
Thursday, Nov 11, 2021 - 02:34 AM (IST)
ਜਲੰਧਰ(ਪੁਨੀਤ)– ਮੁੱਖ ਮੰਤਰੀ ਬਦਲਣ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਵਾਗਡੋਰ ਰਾਜਾ ਵੜਿੰਗ ਦੇ ਹੱਥ ਵਿਚ ਆਈ। ਇਸ ਦੇ ਬਾਅਦ ਤੋਂ ਵੜਿੰਗ ਵੱਲੋਂ ਯਾਤਰੀਆਂ ਸਮੇਤ ਬੱਸਾਂ ਦੇ ਚਾਲਕ ਦਲਾਂ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਉਸ ਨੂੰ ਉਲਟਾ ਸਾਬਿਤ ਕਰਦਿਆਂ ਪਨਬੱਸ/ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 23 ਨਵੰਬਰ ਤੋਂ ਸਰਕਾਰੀ ਬੱਸਾਂ ਦੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਬੱਸਾਂ ਦੇ ਚਾਲਕ ਦਲਾਂ ਵਿਚ ਸ਼ਾਮਲ ਲਗਭਗ 6000 ਕੱਚੇ ਕਰਮਚਾਰੀ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਤੋਂ ਨਾਖੁਸ਼ ਹਨ ਅਤੇ ਆਪਣੀਆਂ ਮੰਗਾਂ ਮੰਨਵਾਉਣ ਲਈ ਉਨ੍ਹਾਂ ਨੇ ਸੰਘਰਸ਼ ਦਾ ਰੁਖ਼ ਅਪਣਾ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਯੂਨੀਅਨ ਵੱਲੋਂ ਲਗਭਗ 10 ਦਿਨਾਂ ਤੱਕ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ ਅਤੇ ਇਸ ਦੌਰਾਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਈ ਸੀ। ਹੁਣ ਦੇਖਣਾ ਹੋਵੇਗਾ ਕਿ ਰਾਜਾ ਵੜਿੰਗ ਯੂਨੀਅਨ ਦੀ ਇਸ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਕਿਵੇਂ ਰੋਕਣਗੇ।
ਸੰਘਰਸ਼ ਦੀ ਰੂਪ-ਰੇਖਾ ਨੂੰ ਲੈ ਕੇ ਜਲੰਧਰ ਦੇ ਬੱਸ ਅੱਡੇ ਵਿਚ ਯੂਨੀਅਨ ਵੱਲੋਂ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ, ਜਿਸ ਵਿਚ ਪੰਜਾਬ ਦੇ 27 ਡਿਪੂਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਪ੍ਰਦੇਸ਼ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦਾ ਅਹਿਮ ਏਜੰਡਾ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ ਰਿਹਾ। ਬੁਲਾਰਿਆਂ ਨੇ ਕਿਹਾ ਕਿ ਕੈਪਟਨ ਦੇ ਸਮੇਂ ਯੂਨੀਅਨ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਸਰਕਾਰ ਵਿਚ ਹੋਏ ਫੇਰਬਦਲ ਕਾਰਨ ਗੱਲਬਾਤ ਰੁਕ ਗਈ। ਇਸ ਤੋਂ ਬਾਅਦ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਯੂਨੀਅਨ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਹੁਦੇਦਾਰਾਂ ਸਮੇਤ ਰਾਜਾ ਵੜਿੰਗ ਨਾਲ ਮੀਟਿੰਗ ਕੀਤੀ ਗਈ।
ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਮੀਟਿੰਗ ਹੋਈ ਤਾਂ ਮੁੱਖ ਮੰਤਰੀ ਆਪਣੇ ਬੇਟੇ ਦੇ ਵਿਆਹ ਵਿਚ ਬਿਜ਼ੀ ਸਨ, ਜਿਸ ਕਾਰਨ ਯੂਨੀਅਨ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ 20 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਸਰਪ੍ਰਸਤ ਕਮਲ ਕੁਮਾਰ ਅਤੇ ਚੇਅਰਮੈਨ ਬਲਵਿੰਦਰ ਸਿੰਘ ਰਾਠ ਨੇ ਕਿਹਾ ਕਿ ਇਸਦੇ ਰੋਸ ਵਜੋਂ ਯੂਨੀਅਨ ਵੱਲੋਂ 15 ਨਵੰਬਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਕੇ ਸਰਕਾਰ ਖ਼ਿਲਾਫ਼ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਉਪਰੰਤ 23 ਨਵੰਬਰ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। 24 ਨਵੰਬਰ ਨੂੰ ਮੁੱਖ ਮੰਤਰੀ ਦੇ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ।
ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਵਾਰ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਇਸ ਵਾਰ ਉਹ ਲਿਖਤ ’ਚ ਹੀ ਲੈ ਕੇ ਮੰਨਣਗੇ। ਮੀਟਿੰਗ ਦੌਰਾਨ ਡਿਪੂ-1 ਤੋਂ ਗੁਰਪ੍ਰੀਤ ਸਿੰਘ ਭੁੱਲਰ, ਜਸਬੀਰ ਸਿੰਘ, ਡਿਪੂ-2 ਤੋਂ ਦਲਜੀਤ ਸਿੰਘ, ਸਤਪਾਲ ਸਿੰਘ, ਰਾਕੇਸ਼ ਵਿੱਕੀ, ਜਗਤਾਰ ਸਿੰਘ ਅਤੇ ਹੋਰ ਅਹੁਦੇਦਾਰ ਮੌਜੂਦ ਸਨ।