ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ, ਕਿਹਾ-ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਚਿੰਤਾਵਾਂ ਦਾ ਕਰੇ ਹੱਲ

Monday, Nov 14, 2022 - 11:16 PM (IST)

ਚੰਡੀਗੜ੍ਹ (ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਸ ਨੇ ਪੰਜਾਬ ਦੇ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧਾਂ ਤੋਂ ਬਚਾਉਣ ਲਈ ਕੀ ਯੋਜਨਾ ਬਣਾਈ ਹੈ, ਜਿਸ ਨਾਲ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਜਾਰੀ ਇਕ ਬਿਆਨ ’ਚ ਵੜਿੰਗ ਨੇ ਕਿਹਾ ਕਿ ਲੋਕਾਂ ’ਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਆਈ. ਐੱਸ. ਆਈ. ਪੰਜਾਬ ’ਚ ਚੋਣਵੇਂ ਕਤਲਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਿਆ ਜਾ ਸਕੇ ਅਤੇ ਅਸੀਂ ਪਹਿਲਾਂ ਵੀ ਕੁਝ ਕਤਲ ਦੇਖ ਚੁੱਕੇ ਹਾਂ ਪਰ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ। ਸੂਬਾ ਕਾਂਗਰਸ ਪ੍ਰਧਾਨ ਨੇ ਸਰਹੱਦੀ ਸੂਬੇ ਦੇ ਇਨ੍ਹਾਂ ਗੰਭੀਰ ਹਾਲਾਤ 'ਤੇ ਕੇਂਦਰ ਸਰਕਾਰ ਦੀ ਚੁੱਪੀ 'ਤੇ ਸਵਾਲ ਚੁੱਕਦਿਆਂ ਹੈਰਾਨੀ ਪ੍ਰਗਟ ਕੀਤੀ ਹੈ ਕਿ ਇਹ ਸਭ ਕੁਝ ਹੋਣ ਕਿਉਂ ਦਿੱਤਾ ਜਾ ਰਿਹਾ ਹੈ ਜਾਂ ਕੋਈ ਆਪਣੇ ਫਾਇਦੇ ਲਈ ਸੂਬੇ ਦਾ ਧਰੁਵੀਕਰਨ ਕਰਨਾ ਚਾਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ’ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਾਉਣ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਕੇ ਜਾਂ ਨਵੇਂ ਅਸਲਾ ਲਾਇਸੰਸ ਜਾਰੀ ਕਰਨ ’ਤੇ ਪਾਬੰਦੀ ਲਗਾ ਕੇ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ ਹੈ ਕਿਉਂਕਿ ਅਪਰਾਧੀ ਅਤੇ ਗੈਂਗਸਟਰ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਇਸੈਂਸੀ ਹਥਿਆਰ ਨਹੀਂ ਵਰਤਦੇ ਅਤੇ ਗੀਤਾਂ ਤੋਂ ਪ੍ਰੇਰਿਤ ਨਹੀਂ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ’ਚੋਂ ਸਰਕਾਰੀ ਤੰਤਰ ਪੂਰੀ ਤਰ੍ਹਾਂ ਗ਼ੈਰ-ਹਾਜ਼ਰ ਹੋਣ ਕਾਰਨ ਸਥਿਤੀ ਹੋਰ ਵੀ ਗੁੰਝਲਦਾਰ ਹੋ ਗਈ ਹੈ, ਜਿਸ ਕਾਰਨ ਇਸ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਯਾਦ ਕਰਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪਿੱਛੇ ਛੱਡ ਕੇ ਗੁਜਰਾਤ ’ਚ ਚੋਣ ਪ੍ਰਚਾਰ ਲਈ ਨਹੀਂ ਚੁਣਿਆ ਸੀ।

ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਉਨ੍ਹਾਂ ਕਿਹਾ ਕਿ ‘ਆਪ’ ਗੁਜਰਾਤ ’ਚ ਚੋਣ ਪ੍ਰਚਾਰ ’ਚ ਪੂਰੀ ਤਰ੍ਹਾਂ ਰੁੱਝੀ ਹੋਈ ਹੈ, ਜਿਸ ਕਾਰਨ ਪੰਜਾਬ ’ਚ ਸ਼ਾਸਨ ਪ੍ਰਣਾਲੀ ’ਤੇ ਮਾੜਾ ਅਸਰ ਪਿਆ ਹੈ। ਵੜਿੰਗ ਨੇ ਚਿਤਾਵਨੀ ਦਿੱਤੀ ਕਿ ਰਿਪੋਰਟਾਂ ਪਹਿਲਾਂ ਹੀ ਜਨਤਕ ਹੋ ਚੁੱਕੀਆਂ ਹਨ ਕਿ ਕਿਸ ਤਰ੍ਹਾਂ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਨੌਜਵਾਨਾਂ ਨੂੰ ਹਿੰਸਾ ਲਈ ਭੜਕਾ ਕੇ ਪੰਜਾਬ ’ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਨਿਰਾਸ਼ਾਜਨਕ ਕੋਸ਼ਿਸ਼ ਕਰ ਰਹੀ ਹੈ ਪਰ ਇਸ ਸਰਕਾਰ ਵੱਲੋਂ ਕੋਈ ਕਾਰਵਾਈ ਜਾਂ ਯੋਜਨਾ ਨਜ਼ਰ ਨਹੀਂ ਆ ਰਹੀ, ਜਿਵੇਂ ਕੁਝ ਹੋਇਆ ਹੀ ਨਹੀਂ। ਜਿਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਹਾਲਾਤ ਨੂੰ ਆਮ ਵਾਂਗ ਨਾ ਮੰਨਣ ਦੀ ਚਿਤਾਵਨੀ ਦਿੱਤੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਗੱਲ ’ਤੇ ਵੀ ਹੈਰਾਨੀ ਜ਼ਾਹਿਰ ਕੀਤੀ ਹੈ ਕਿ ਕਿਵੇਂ ਪੰਜਾਬ 'ਚ ਅਪਰਾਧ ਹੋ ਰਹੇ ਹਨ ਅਤੇ ਦਿੱਲੀ ਪੁਲਸ ਸਿੱਧੂ ਮੂਸੇਵਾਲਾ ਅਤੇ ਡੇਰਾ ਸਮਰਥਕ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਮੂਕ ਦਰਸ਼ਕ ਕਿਉਂ ਬਣੀ ਹੋਈ ਹੈ?
 


Manoj

Content Editor

Related News