ਰਾਜਾ ਵੜਿੰਗ ਨੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ
Monday, Oct 25, 2021 - 10:07 PM (IST)
            
            ਮਾਨਸਾ/ਬੁਢਲਾਡਾ(ਜੱਸਲ,ਮਨਜੀਤ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ’ਚ ਸ਼ਿਰਕਤ ਕਰਦਿਆਂ ਫੌਤ ਹੋਏ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਾਰਸਾਂ ਨੂੰ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਕਿਸਾਨੀ ਸੰਘਰਸ਼ ਦੇ ਅਮਰ ਯੋਧਿਆਂ ਦੇ ਘਰ ’ਚ ਪਹੁੰਚ ਕਰ ਕੇ ਪਰਿਵਾਰਾਂ ਨਾਲ ਸਰਕਾਰ ਵੱਲੋਂ ਡਟ ਕੇ ਖੜ੍ਹੇ ਹੋਣ ਦੀ ਵਚਨਬੱਧਤਾ ਦੁਹਰਾਈ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪੀੜਤ ਪਰਿਵਾਰ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਦੇ ਨਾਲ ਨਾਲ ਇਕ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਅੱਜ ਦੇ ਦੌਰੇ ਦੌਰਾਨ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ’ਚ ਗੈਰ-ਰਸਮੀ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਸਾਨ 5 ਲੱਖ ਰੁਪਏ ਦਿੱਤੇ ਗਏ ਹਨ ਤੇ ਮ੍ਰਿਤਕ ਕਿਸਾਨਾਂ ਦੇ ਇਕ-ਇਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੱਤਰ ਦੇਣ ਦੀ ਸ਼ਰੂਆਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਤੇ ਹੁਣ ਸੂਬੇ ਦੇ ਵੱਖ ਵੱਖ ਜ਼ਿਲਿਆਂ ’ਚ ਇਨ੍ਹਾਂ ਪਰਿਵਾਰਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।
ਉਨ੍ਹਾਂ ਸਵ. ਕਿਸਾਨ ਗੁਰਜੰਟ ਸਿੰਘ ਵਾਸੀ ਕੋਟ ਧਰਮੂ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਧੰਨਾ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਦੀ ਪਤਨੀ ਮਨਜੀਤ ਕੌਰ, ਸਵ. ਕੁਲਵੰਤ ਸਿੰਘ ਵਾਸੀ ਨੰਦਗੜ੍ਹ ਦੇ ਲੜਕੇ ਨਿਰਮਲ ਸਿੰਘ, ਸਵ. ਗੁਰਜੰਟ ਸਿੰਘ ਵਾਸੀ ਬੱਛੋਆਣਾ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਜਗਸੀਰ ਸਿੰਘ ਵਾਸੀ ਭਾਦੜਾ ਦੀ ਪਤਨੀ ਰਮਨਦੀਪ ਕੌਰ ਉਰਫ ਮਲਕੀਤ ਕੌਰ, ਸਵ. ਜੁਗਰਾਜ ਸਿੰਘ ਵਾਸੀ ਗੁੜੱਦੀ ਦੇ ਲੜਕੇ ਬਖਸ਼ੀਸ਼ ਸਿੰਘ ਤੇ ਕਿਸਾਨ ਸਵ. ਗੁਰਜੰਟ ਸਿੰਘ ਵਾਸੀ ਅਲੀਸੇਰ ਕਲਾਂ ਦੇ ਲੜਕੇ ਜਗਸੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਜੀਅ ਗੁਆ ਚੁੱਕੇ ਹਨ ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ ਪਰ ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਕਿਸੇ ਤਰ੍ਹਾਂ ਦੀ ਕਮੀ ਨਹੀਂ ਛੱਡੇਗੀ। ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੇ ਚੇਅਰਮੈਨ ਜ਼ਿਲਾ ਪਰਿਸਦ ਬਿਕਰਮ ਸਿੰਘ ਮੋਫਰ ਨੇ ਵੜਿੰਗ ਦਾ ਧੰਨਵਾਦ ਕੀਤਾ।
ਇਸ ਮੌਕੇ ਸੀਨੀ. ਆਗੂ ਰਣਜੀਤ ਕੌਰ ਭੱਟੀ, ਐਡ. ਗੁਰਪ੍ਰੀਤ ਸਿੰਘ ਵਿੱਕੀ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐੱਸ. ਐੱਸ. ਪੀ. ਸੰਦੀਪ ਕੁਮਾਰ ਗਰਗ ਤੇ ਮਾਈਕਲ ਗਾਗੋਵਾਲ ਮੌਜੂਦ ਸਨ।
