ਭਾਜਪਾ ਵੱਲੋਂ ਇਕੱਲਿਆਂ ਚੋਣ ਲੜਣ ਦੇ ਐਲਾਨ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ
Wednesday, Mar 27, 2024 - 08:40 AM (IST)
ਚੰਡੀਗੜ੍ਹ (ਅੰਕੁਰ)- ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਬਜਾਇ ਇਕੱਲਿਆਂ ਚੋਣ ਲੜਨ ਦੇ ਫ਼ੈਸਲੇ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਸਮੀ ਸਮਝੌਤੇ ਦੀ ਅਣਹੋਂਦ ਦੇ ਬਾਵਜੂਦ ਦੋਵੇਂ ਧਿਰਾਂ ਬੰਦ ਦਰਵਾਜ਼ਿਆਂ ਪਿੱਛੇ ਸਹਿਯੋਗ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ, ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਠੋਸ ਯਤਨਾਂ ਦੇ ਬਾਵਜੂਦ ਭਾਜਪਾ ਅਤੇ ਅਕਾਲੀ ਦਲ ਪੰਜਾਬ ’ਚ ਆਪਣੀ ਮੌਜੂਦਗੀ ਕਾਇਮ ਕਰਨ ’ਚ ਅਸਫਲ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਇਕਜੁੱਟ ਹੋ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰੋਸੇਯੋਗਤਾ ਹਾਸਲ ਕਰਨ ਲਈ ਕੰਮ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਸ ਦਿਨ ਅਲਾਟ ਕੀਤੇ ਜਾਣਗੇ ਸ਼ਰਾਬ ਦੇ ਠੇਕੇ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ
ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ ਤੇ ਅਕਾਲੀ ਦਲ ਵੱਲੋਂ ਗੱਠਜੋੜ ਦੀ ਗੱਲਬਾਤ ਨੂੰ ਜਨਤਕ ਤੌਰ ’ਤੇ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਮੈਨੂੰ ਭਰੋਸਾ ਹੈ ਕਿ ਦੋਵੇਂ ਸੰਸਥਾਵਾਂ ਜਨਤਕ ਤੌਰ ’ਤੇ ਅਸਵੀਕਾਰ ਕੀਤੇ ਜਾਣ ਦੇ ਬਾਵਜੂਦ ਇਕ-ਦੂਜੇ ਦਾ ਸਹਿਯੋਗ ਕਰ ਰਹੀਆਂ ਹਨ। ਇਸ ਦਾ ਸਬੂਤ ਸਮੁੱਚੇ ਬਾਦਲ ਪਰਿਵਾਰ ਲਈ ਕੇਂਦਰੀ ਸੁਰੱਖਿਆ ਬਲਾਂ ਦਾ ਨਿਰੰਤਰ ਪ੍ਰਬੰਧ ਹੈ, ਜਦਕਿ ਸਾਡੇ ਨੇਤਾ ਅਜਿਹੇ ਵਿਸ਼ੇਸ਼ ਅਧਿਕਾਰਾਂ ਤੋਂ ਵਾਂਝੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ’ਤੇ ਦਬਾਅ ਹੈ ਕਿ ਜੇ ਭਾਜਪਾ ਇਕ ਵੀ ਸੀਟ ਹਾਸਲ ਕਰਨ ’ਚ ਅਸਫਲ ਰਹਿੰਦੀ ਹੈ ਤਾਂ ਉਨ੍ਹਾਂ ਦੀ ਪ੍ਰਧਾਨਗੀ ਦਾਅ ’ਤੇ ਲੱਗ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਭਾਜਪਾ ਵੱਲੋਂ ਪੰਜਾਬ ਵਿਚ ਇਕੱਲਿਆਂ ਚੋਣ ਲੜਣ ਦੇ ਐਲਾਨ ਮਗਰੋਂ ਪ੍ਰੋ. ਚੰਦੂਮਾਜਰਾ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਦਲ ਨੇ ਅਧਿਕਾਰਤ ਤੌਰ ’ਤੇ 2021 ’ਚ ਆਪਣਾ ਗੱਠਜੋੜ ਖ਼ਤਮ ਕਰ ਦਿੱਤਾ ਸੀ ਪਰ ਰਾਸ਼ਟਰਪਤੀ ਦੀ ਚੋਣ ਤੋਂ ਲੈ ਕੇ ਸੀ. ਏ. ਏ. ਬਿੱਲ ਦੇ ਪਾਸ ਹੋਣ ਤਕ ਅਕਾਲੀ ਦਲ ਨੇ ਲਗਾਤਾਰ ਆਪਣੇ-ਆਪ ਨੂੰ ਭਾਜਪਾ ਨਾਲ ਜੋੜਿਆ ਹੈ। ਅਕਾਲੀ ਦਲ ਦੀ ਹਾਲ ਹੀ ’ਚ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਕੇਂਦਰ ਸਰਕਾਰ ਨੂੰ ਖ਼ੁਸ਼ ਕਰਨ ਲਈ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਨਹੀਂ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਮੈਂ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਾ ਹਾਂ ਕਿ ਜੇ ਚੋਣਾਂ ਦੌਰਾਨ ਅਕਾਲੀ ਦਲ ਜਿੱਤਦਾ ਹੈ ਤਾਂ ਉਹ ਐਲਾਨ ਕਰੇ ਕਿ ਉਨ੍ਹਾਂ ਦੀ ਵੋਟ ਐੱਨ. ਡੀ. ਏ. ਦੇ ਵਿਰੁੱਧ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8