ਸੁਖਪਾਲ ਖਹਿਰਾ ਨੂੰ ਮਿਲਣ ਪੁੱਜੇ ਬਾਜਵਾ, ਵੜਿੰਗ ਸਣੇ ਸੀਨੀਅਰ ਕਾਂਗਰਸੀ ਆਗੂ ਬੇਰੰਗ ਪਰਤੇ

Friday, Sep 29, 2023 - 05:04 PM (IST)

ਸੁਖਪਾਲ ਖਹਿਰਾ ਨੂੰ ਮਿਲਣ ਪੁੱਜੇ ਬਾਜਵਾ, ਵੜਿੰਗ ਸਣੇ ਸੀਨੀਅਰ ਕਾਂਗਰਸੀ ਆਗੂ ਬੇਰੰਗ ਪਰਤੇ

ਫਾਜ਼ਿਲਕਾ- ਐੱਨ. ਡੀ. ਪੀ. ਐੱਸ. ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਕਈ ਵੱਡੇ ਨੇਤਾ ਜਲਾਲਾਬਾਦ ਪਹੁੰਚੇ। ਇਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਸਨ। ਜਿਵੇਂ ਹੀ ਇਹ ਸਾਰੇ ਖਹਿਰਾ ਨੂੰ ਮਿਲਣ ਲਈ ਪਹੁੰਚੇ ਤਾਂ ਪੁਲਸ ਨੇ ਥਾਣਾ ਸਦਰ ਦਾ ਗੇਟ ਹੀ ਨਹੀਂ ਖੋਲ੍ਹਿਆ। ਪੁਲਸ ਨੇ ਆਗੂਆਂ ਨੂੰ ਕਿਹਾ ਕਿ ਖਹਿਰਾ ਸੀ. ਆਈ. ਏ. ਸਟਾਫ਼ ਫਾਜ਼ਿਲਕਾ ਵਿਚ ਹਨ। ਇਸ ਦੇ ਬਾਅਦ ਨੇਤਾ ਸੀ. ਆਈ. ਏ. ਸਟਾਫ਼ ਪਹੁੰਚੇ ਪਰ ਉਥੇ ਵੀ ਖਹਿਰਾ ਨਾਲ ਨਹੀਂ ਮਿਲਣ ਦਿੱਤਾ ਗਿਆ। 

ਉਥੇ ਹੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਸਰਕਾਰ ਕਾਂਗਰਸ ਤੋਂ ਡਰਦੀ ਹੈ ਅਤੇ ਕਾਂਗਰਸ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀ ਹੈ। ਪੰਜਾਬ ਪੁਲਸ 'ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਰਿਵਾਰ ਨੂੰ ਪੰਜਾਬ ਪੁਲਸ ਨੇ ਜ਼ਖ਼ਮ ਦਿੱਤੇ ਹਨ। ਅਸੀਂ 'ਆਪ' ਪਾਰਟੀ ਦੇ ਇਸ ਬਦਲਾਖ਼ੋਰੀ ਦਾ ਕਾਨੂੰਨੀ ਤੌਰ 'ਤੇ ਅਤੇ ਸੜਕਾਂ 'ਤੇ ਲੜਾਂਗੇ। ਅਸੀਂ ਇਸ ਤਰ੍ਹਾਂ ਦੀ ਦਬਾਅ ਰਣਨੀਤੀ ਤੋਂ ਡਰਾਂਗੇ ਨਹੀਂ। ਉਥੇ ਹੀ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਬੀਤੇ ਦਿਨ ਸਵੇਰੇ ਪੁਲਸ ਖਹਿਰਾ ਦੇ ਘਰ ਪਹੁੰਚੀ ਸੀ, ਅਜਿਹਾ ਲੱਗਦਾ ਸੀ ਕਿ ਉਹ ਬਹੁਤ ਵੱਡੇ ਅਪਰਾਧੀ ਨੂੰ ਫੜਨ ਆਈ ਹੈ। ਬਿਨਾਂ ਵਾਰੰਟ ਦੇ ਪੁਲਸ ਨੇ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ ਮੁਗਲ ਰਾਜ ਵਿਚ ਆਵਾਜ਼ ਦਬਾਈ ਜਾਂਦੀ ਸੀ, ਅੱਜ ਪੰਜਾਬ ਵਿਚ ਉਸੇ ਤਰ੍ਹਾਂ ਸਰਕਾਰ ਕਰ ਰਹੀ ਹੈ। ਆਗੂਆਂ ਨੂੰ ਫੜ-ਫੜ ਕੇ ਜਾਣਬੁੱਝ ਕੇ ਡਰ ਫੈਲਾਉਣ ਦੀ ਰਾਜਨੀਤੀ ਪੰਜਾਬ ਵਿਚ ਹੋ ਰਹੀ ਹੈ। 

PunjabKesari

ਇਹ ਵੀ ਪੜ੍ਹੋ: ਨੂਰਪੁਰਬੇਦੀ 'ਚ ਵਾਪਰੇ ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਜੀਜੇ-ਸਾਲੇ ਦੀ ਹੋਈ ਦਰਦਨਾਕ ਮੌਤ

ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਬੀਤੇ ਦਿਨ ਸਵੇਰੇ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ। ਪੁਲਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ. ਡੀ. ਪੀ. ਐੱਸ. ਮਾਮਲੇ 'ਚ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ 'ਤੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਬਾਅਦ ਖਹਿਰਾ ਦਾ ਮੈਡੀਕਲ ਕਰਵਾਉਣ ਉਪਰੰਤ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ। 
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ. ਆਈ. ਜੀ. ਦੀ ਅਗਵਾਈ ਵਾਲੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿੱਚ ਦੋ ਐੱਸ. ਐੱਸ. ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

PunjabKesari

ਜਾਣੋ ਕੀ ਹੈ ਮਾਮਲਾ?
ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ: ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਮੁੜ ਕਾਰਵਾਈ ਕਿਉਂ ?
ਹਾਲਾਂਕਿ 2015 'ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ, ਜਿਸ ਕਾਰਨ ਹੁਣ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਚਾਵਾਂ ਨਾਲ ਪੁੱਤ ਨੂੰ ਭੇਜਿਆ ਸੀ ਕੈਨੇਡਾ, 3 ਹਫ਼ਤਿਆਂ ਮਗਰੋਂ ਪਰਤੀ ਲਾਸ਼ ਨੂੰ ਵੇਖ ਫੁੱਟ-ਫੁੱਟ ਰੋਈ ਮਾਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News