ਸਿਆਸੀ ਦਲ-ਬਦਲ ਦੇ ਦੌਰ ''ਚ ਪੰਜਾਬ ਕਾਂਗਰਸ ਪ੍ਰਧਾਨ ਨੇ ਭਾਜਪਾ ''ਤੇ ਕੱਸਿਆ ਤੰਜ, ਕਿਹਾ : ''ਨਾਅਰਾ 400 ਪਾਰ ਦਾ...''
Thursday, Mar 28, 2024 - 04:12 AM (IST)
ਜਲੰਧਰ (ਵੈੱਬ ਡੈਸਕ)- ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਦਾ ਦਲ-ਬਦਲ ਦਾ ਦੌਰ ਲਗਾਤਾਰ ਜਾਰੀ ਹੈ। ਬੀਤੇ ਦਿਨ ਜਿੱਥੇ ਕਾਂਗਰਸੀ ਸੀਨੀਅਰ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਤੋਂ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਐੱਮ.ਐੱਲ.ਏ. ਸ਼ੀਤਲ ਅੰਗੁਰਾਲ ਵੀ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਇਸ ਸਿਆਸੀ ਦਲ-ਬਦਲ ਦੇ ਦੌਰ 'ਚ ਲੋਕ ਸਭਾ ਚੋਣਾਂ ਤੋਂ ਇਕਦਮ ਪਹਿਲਾਂ ਜ਼ਿਆਦਾਤਰ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਅਜਿਹੇ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ 'ਤੇ ਤੰਜ ਕੱਸਿਆ ਹੈ।
ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰ ਕੇ ਲਿਖਿਆ- ''ਨਾਅਰਾ 400 ਪਾਰ ਦਾ, ਕੈਂਡੀਡੇਟ ਸਾਰਾ ਉਧਾਰ ਦਾ''। ਭਾਵ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਆਗਾਮੀ ਲੋਕ ਸਭਾ ਚੋਣਾਂ 'ਚ 400 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਹੈ। ਅਜਿਹੇ 'ਚ ਉਨ੍ਹਾਂ ਵੱਲੋਂ ਪੈਰ ਪਸਾਰਨ ਲਈ ਦੂਜੀਆਂ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਆਪਣੀ ਪਾਰਟੀ 'ਚ ਸ਼ਾਮਲ ਕੀਤਾ ਜਾ ਰਿਹਾ ਹੈ। ਭਾਵ ਉਹ ਉਧਾਰ ਦੇ ਉਮੀਦਵਾਰਾਂ ਦੇ ਸਿਰ 'ਤੇ ਰਾਜਨੀਤੀ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ 353 ਸੀਟਾਂ ਜਿੱਤੀਆਂ ਸਨ, ਜਦਕਿ ਪਾਰਟੀ ਵੱਲੋਂ ਇਸ ਵਾਰ 400 ਸੀਟਾਂ 'ਤੇ ਜਿੱਤ ਦਰਜ ਕਰਨ ਦਾ ਨਾਅਰਾ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੀ ਪੁਰਾਣੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਕਾਰਨ ਲੋਕਾਂ ਦਾ ਸਿਆਸੀ ਆਗੂਆਂ ਦੀਆਂ ਗੱਲਾਂ ਤੋਂ ਯਕੀਨ ਉੱਠਦਾ ਜਾ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e