ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...

Monday, Jul 06, 2026 - 03:43 PM (IST)

ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਅੰਦਰ ਧੜੇਬੰਦੀ ਅਤੇ ਵੱਖ-ਵੱਖ ਆਗੂਆਂ ਦੀਆਂ ਹੋ ਰਹੀਆਂ ਮੀਟਿੰਗਾਂ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ 'ਤੇ ਆਪਣਾ ਸਪੱਸ਼ਟ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਵੱਖ-ਵੱਖ ਆਗੂਆਂ ਵਿਚਾਲੇ ਹੋਣ ਵਾਲੀਆਂ ਮੀਟਿੰਗਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਗਾਵਤ ਜਾਂ ਧੜੇਬੰਦੀ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਦਾ ਕਹਿਣਾ ਸੀ ਕਿ ਹਰ ਮੀਟਿੰਗ ਦਾ ਇਕੋ-ਇਕ ਮਕਸਦ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਹੈ। ਰਾਜਾ ਵੜਿੰਗ ਨੇ ਮੀਡੀਆ 'ਚ ਸੋਰਸਾਂ ਦੇ ਹਵਾਲੇ ਨਾਲ ਚੱਲ ਰਹੀਆਂ ਖ਼ਬਰਾਂ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਬਿਨਾਂ ਕਿਸੇ ਠੋਸ ਸਬੂਤ ਦੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਪਾਰਟੀ ਦੇ ਵਰਕਰਾਂ ਅਤੇ ਲੋਕਾਂ 'ਚ ਭਰਮ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖ਼ਬਰ ਸੋਰਸਾਂ ਦੇ ਆਧਾਰ 'ਤੇ ਚਲਾਈ ਜਾਂਦੀ ਹੈ ਤਾਂ ਉਸ ਦੀ ਪ੍ਰਮਾਣਿਕਤਾ ਵੀ ਸਾਬਤ ਹੋਣੀ ਚਾਹੀਦੀ ਹੈ। ਸਿਰਫ਼ ਅਫਵਾਹਾਂ ਜਾਂ ਅੰਦਾਜ਼ਿਆਂ ਦੇ ਆਧਾਰ 'ਤੇ ਖ਼ਬਰਾਂ ਚਲਾਉਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਇੱਕੋ ਪਰਿਵਾਰ ਦਾ ਹਿੱਸਾ ਹਨ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ ਅਤੇ ਹੋਰ ਆਗੂ ਪਾਰਟੀ ਦੇ ਮਹੱਤਵਪੂਰਨ ਚਿਹਰੇ ਹਨ ਅਤੇ ਇੱਕ-ਦੂਜੇ ਨਾਲ ਲਗਾਤਾਰ ਸੰਪਰਕ 'ਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨਾਲ ਮੀਟਿੰਗ ਕਰਨਾ ਜਾਂ ਵਿਚਾਰ-ਵਟਾਂਦਰਾ ਕਰਨਾ ਕੋਈ ਗਲਤ ਗੱਲ ਨਹੀਂ ਹੈ, ਸਗੋਂ ਇਹ ਪਾਰਟੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਦਾ ਹਿੱਸਾ ਹੈ। 

ਇਹ ਵੀ ਪੜ੍ਹੋ : PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
ਰਾਜਾ ਵੜਿੰਗ ਨੇ ਮੋਰਿੰਡਾ 'ਚ ਹੋਈ ਮੀਟਿੰਗ ਨੂੰ ਲੈ ਕੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੇ ਇਸ ਮੀਟਿੰਗ ਨੂੰ ਕਿਸੇ ਖਾਸ ਧੜੇ ਦੀ ਮੀਟਿੰਗ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਕਿ ਅਸਲ 'ਚ ਇਸ ਦਾ ਮਕਸਦ ਸਿਰਫ਼ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਅੱਜ ਹੋਈ ਮੀਟਿੰਗ ਵੀ ਉਸੇ ਲੜੀ ਦਾ ਹਿੱਸਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਵੀ ਅਜਿਹੀਆਂ ਮੀਟਿੰਗਾਂ ਜਾਰੀ ਰਹਿਣਗੀਆਂ। ਇਸ ਨੂੰ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਲੜਾਈ ਜਾਂ ਵਿਰੋਧ ਨਾਲ ਜੋੜਨਾ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਵਾਰ ਕਿਸੇ ਇੱਕ ਮੀਟਿੰਗ 'ਚ ਹਰ ਆਗੂ ਦੀ ਮੌਜੂਦਗੀ ਸੰਭਵ ਨਹੀਂ ਹੁੰਦੀ। ਇਸ ਦਾ ਇਹ ਮਤਲਬ ਨਹੀਂ ਕਿ ਪਾਰਟੀ 'ਚ ਮਤਭੇਦ ਹਨ। ਵੱਖ-ਵੱਖ ਆਗੂ ਆਪਣੇ ਰੁਝੇਵਿਆਂ ਅਤੇ ਪ੍ਰੋਗਰਾਮਾਂ ਕਾਰਨ ਹਰ ਮੀਟਿੰਗ 'ਚ ਸ਼ਾਮਲ ਨਹੀਂ ਹੋ ਸਕਦੇ ਪਰ ਇਸ ਨਾਲ ਪਾਰਟੀ ਦੀ ਏਕਤਾ 'ਤੇ ਕੋਈ ਅਸਰ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਆਪਸ 'ਚ ਸੰਪਰਕ ਵਿੱਚ ਹਨ ਅਤੇ ਪਾਰਟੀ ਦੇ ਹਿੱਤ ਲਈ ਇਕੱਠੇ ਕੰਮ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਬਹਿਸ ਦਾ ਵਿਸ਼ਾ ਬਣਾਉਣ ਦੀ ਲੋੜ ਨਹੀਂ ਹੈ। ਹਰ ਰਾਜਨੀਤਿਕ ਪਾਰਟੀ 'ਚ ਵਿਚਾਰ-ਵਟਾਂਦਰਾ ਅਤੇ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਕਾਂਗਰਸ 'ਚ ਵੀ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਕਿਸੇ ਵੀ ਮਸਲੇ 'ਤੇ ਆਪਸੀ ਗੱਲਬਾਤ ਰਾਹੀਂ ਫ਼ੈਸਲੇ ਲਏ ਜਾਂਦੇ ਹਨ ਅਤੇ ਇਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਵੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਹਰ ਮੀਟਿੰਗ ਨੂੰ ਧੜੇਬੰਦੀ ਜਾਂ ਟਕਰਾਅ ਦੇ ਨਜ਼ਰੀਏ ਨਾਲ ਨਾ ਦੇਖਿਆ ਜਾਵੇ। ਉਨ੍ਹਾਂ ਕਿਹਾ ਕਿ ਮੀਡੀਆ ਦੀ ਜ਼ਿੰਮੇਵਾਰੀ ਹੈ ਕਿ ਉਹ ਤੱਥਾਂ ਦੇ ਆਧਾਰ 'ਤੇ ਖ਼ਬਰਾਂ ਪੇਸ਼ ਕਰੇ, ਨਾ ਕਿ ਅਫ਼ਵਾਹਾਂ ਨੂੰ ਹਵਾ ਦੇਵੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੀ ਕਈ ਵਾਰ ਕਾਂਗਰਸ ਨੂੰ ਬਦਨਾਮ ਕਰਨ ਲਈ ਅਜਿਹੀਆਂ ਗੱਲਾਂ ਫੈਲਾਉਂਦੀਆਂ ਹਨ ਪਰ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਅਖ਼ੀਰ ਵਿੱਚ ਰਾਜਾ ਵੜਿੰਗ ਨੇ ਭਰੋਸਾ ਦਿਵਾਇਆ ਕਿ ਪੰਜਾਬ ਕਾਂਗਰਸ 'ਚ ਕੋਈ ਧੜੇਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਆਗੂ ਅਤੇ ਹਰ ਵਰਕਰ ਇੱਕੋ ਟੀਚੇ ਨਾਲ ਕੰਮ ਕਰ ਰਿਹਾ ਹੈ, ਉਹ ਹੈ ਕਾਂਗਰਸ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਦਾ ਭਰੋਸਾ ਜਿੱਤ ਕੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣਾ। ਉਨ੍ਹਾਂ ਦੁਹਰਾਇਆ ਕਿ ਮੀਟਿੰਗਾਂ ਦਾ ਦੌਰ ਅੱਗੇ ਵੀ ਜਾਰੀ ਰਹੇਗਾ ਪਰ ਇਸ ਨੂੰ ਸਿਆਸੀ ਟਕਰਾਅ ਜਾਂ ਧੜੇਬੰਦੀ ਦਾ ਰੰਗ ਦੇਣਾ ਹਕੀਕਤ ਤੋਂ ਕੋਸਾਂ ਦੂਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News