ਰਾਜਾ ਵੜਿੰਗ ਨੇ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਕੀਤਾ ਇਨਕਾਰ
Monday, Jun 15, 2026 - 07:03 PM (IST)
ਲੁਧਿਆਣਾ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਨੇ ਪੰਜਾਬ ਰਾਜ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਹੋਣ ਤੋਂ ਸਾਫ਼ ਤੌਰ 'ਤੇ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ 'ਤੇ ਗੰਭੀਰ ਦੋਸ਼ ਲਗਾਏ ਹਨ।
ਇਸ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਵੜਿੰਗ ਨੇ ਕਿਹਾ ਕਿ ਉਹ ਕਈ ਵਾਰ ਆਖ਼ ਚੁੱਕੇ ਹਨ ਕਿ ਉਹ ਜਸਬੀਰ ਸਿੰਘ ਗੜ੍ਹੀ ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਉਹ ਹਰ ਇਕ ਸੰਵਿਧਾਨਕ ਅਹੁਦੇ ਅਤੇ ਸੰਸਥਾ ਦਾ ਪੂਰਾ ਸਤਿਕਾਰ ਕਰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਇਸ ਮਾਮਲੇ ਵਿਚ ਨਿਰਪੱਖ ਭੂਮਿਕਾ ਨਿਭਾਉਣ ਦੀ ਬਜਾਏ ਸਰਕਾਰ ਦੇ ਨੁਮਾਇੰਦੇ ਵਜੋਂ ਕੰਮ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵਿਧਾਨਕ ਅਹੁਦੇ ਦੀ ਮਰਿਆਦਾ ਉਸ ਦੀ ਨਿਰਪੱਖਤਾ ਅਤੇ ਨਿਆਂਪੂਰਨ ਕਾਰਵਾਈ ਨਾਲ ਬਣੀ ਰਹਿੰਦੀ ਹੈ। ਇਸ ਲਈ ਅਧਿਕਾਰਾਂ ਦਾ ਦੁਰਵਰਤੋਂ ਕਰਨਾ ਜਾਂ ਕਿਸੇ ਪੱਖ ਵਿਸ਼ੇਸ਼ ਦੇ ਹੱਕ ਵਿਚ ਕੰਮ ਕਰਨਾ ਬੇਹੱਦ ਨਿੰਦਣਯੋਗ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਅਤੇ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਚੁਣੇ ਹੋਏ ਸੰਸਦ ਮੈਂਬਰ ਹਨ ਤੇ ਜੇਕਰ ਕੋਈ ਵੀ ਸਵਾਲ ਹੈ ਤਾਂ ਉਹ ਮਾਣਯੋਗ ਅਦਾਲਤ ਨੂੰ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਨਿਰਪੱਖ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਰਾਜਾ ਵੜਿੰਗ ਨੇ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਕਿਸੇ ਨੇ ਜੋ ਕੁਝ ਵੀ ਕਰਨਾ ਹੈ ਕਰ ਲਵੇ, ਉਹ ਜਸਬੀਰ ਸਿੰਘ ਗੜ੍ਹੀ ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਗੜ੍ਹੀ ਦੀ ਕਾਰਜਪ੍ਰਣਾਲੀ 'ਤੇ ਅਦਾਲਤ ਵੀ ਕਈ ਵਾਰ ਸਖ਼ਤ ਟਿੱਪਣੀਆਂ ਕਰ ਚੁੱਕੀ ਹੈ।
