ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ : ਵੜਿੰਗ

Monday, Jan 26, 2026 - 01:18 AM (IST)

ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ : ਵੜਿੰਗ

ਚੰਡੀਗੜ੍ਹ (ਅੰਕੁਰ) : ਨਾਭਾ ’ਚ ਮਾਰਕੀਟ ਇਲਾਕੇ ਅੰਦਰ ਡਿਊਟੀ ਕਰ ਰਹੇ ਹੈੱਡ ਕਾਂਸਟੇਬਲ ਦੀ ਦਿਨ-ਦਿਹਾੜੇ ਹੱਤਿਆ ਹੋਣ ਦੀ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਕਿਹਾ ਕਿ ਨਾਭਾ ਦੇ ਭੀੜ-ਭਾੜ ਵਾਲੇ ਮਾਰਕੀਟ ਇਲਾਕੇ ’ਚ 5 ਤੋਂ 6 ਹਮਲਾਵਰਾਂ ਵੱਲੋਂ ਹੈੱਡ ਕਾਂਸਟੇਬਲ ਦੀ ਹੱਤਿਆ ਕੀਤੀ ਗਈ। ਇਹ ਘਟਨਾ ਸੂਬੇ ’ਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਦਾ ਸਪੱਸ਼ਟ ਸਬੂਤ ਹੈ।

ਉਨ੍ਹਾਂ ਕਿਹਾ ਕਿ ਜਦੋਂ ਪੁਲਸ ਵਿਭਾਗ ਦੇ ਮੁਲਾਜ਼ਮ ਹੀ ਸੜਕਾਂ ’ਤੇ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ ਤੇ ਸਰਕਾਰ ਦਾ ਡਰ ਮੁੱਕ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿਰਫ਼ ਸੋਗ ਪ੍ਰਗਟ ਕਰਨ ਨਾਲ ਗੱਲ ਨਹੀਂ ਬਣਦੀ, ਸਰਕਾਰ ਨੂੰ ਜਵਾਬਦੇਹੀ ਲੈਣੀ ਪਵੇਗੀ।

ਉਨ੍ਹਾਂ ਕਿਹਾ ਕਿ ਇਸ ਗੰਭੀਰ ਘਟਨਾ ਦੀ ਜ਼ਿੰਮੇਵਾਰੀ ਕੌਣ ਲਵੇਗਾ ਅਤੇ ਕੌਣ ਅਸਤੀਫ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਰੋਜ਼ਾਨਾ ਕਤਲ, ਲੁੱਟਾਂ, ਗੈਂਗਵਾਰ ਤੇ ਫਾਇਰਿੰਗ ਦੀਆਂ ਘਟਨਾਵਾਂ ਵਧ ਰਹੀਆਂ ਹਨ ਪਰ ਸਰਕਾਰ ਹਾਲਾਤ ’ਤੇ ਕਾਬੂ ਪਾਉਣ ’ਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਦੌਰਾਨ ਪੰਜਾਬ ’ਚ ਡਰ ਦਾ ਮਾਹੌਲ ਬਣ ਗਿਆ ਹੈ। ਵਪਾਰੀ, ਕਿਸਾਨ, ਨੌਜਵਾਨ ਤੇ ਹੁਣ ਤਾਂ ਪੁਲਸ ਮੁਲਾਜ਼ਮ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਹਾਲਾਤ ’ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਸੂਬੇ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ ਤੇ ਸੂਬੇ ’ਚ ਕਾਨੂੰਨ-ਵਿਵਸਥਾ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕੇ ਜਾਣ।


author

Inder Prajapati

Content Editor

Related News