ਦੁਬਈ ''ਚ ਜਾਨ ਗੁਆ ਬੈਠੇ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ

02/01/2019 1:54:28 PM

ਰਾਜਾਸਾਂਸੀ (ਸੁਮਿਤ ਖੰਨਾ) : ਦੁਬਈ 'ਚ ਆਪਣੀ ਜਾਨ ਗੁਵਾ ਬੈਠੇ ਨਵਾਂ ਸ਼ਹਿਰ ਜ਼ਿਲੇ ਦੇ ਕਸਬੇ ਝਿੱਕੀ-ਪਿੱਲੀ ਨਾਲ ਸਬੰਧਤ 40 ਸਾਲਾ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਅਣਥਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਰ ਸ਼ਾਮ ਪੁੱਜੀ 

ਦੱਸਣਯੋਗ ਹੈ ਕਿ ਸਤਨਾਮ ਸਿੰਘ ਕਰੀਬ 3 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ 'ਚ ਲੈ ਕੇ ਦੁਬਈ ਗਿਆ ਸੀ ਕੇ ਅਚਾਨਕ ਬੀਤੀ 3 ਜਨਵਰੀ ਨੂੰ ਕੰਮ ਦੌਰਾਨ ਹੋਏ ਇਕ ਹਾਦਸੇ 'ਚ ਉਸ ਦੀ ਮੌਤ ਹੋ ਗਈ ਸੀ। ਜਦ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰ ਨੂੰ ਦੁਬਈ ਤੋਂ ਆਏ ਫ਼ੋਨ ਰਾਹੀਂ ਆਪਣੇ 'ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਸਤ ਡਾ. ਓਬਰਾਏ ਨਾਲ ਸੰਪਰਕ ਕਰ ਕੇ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ ,ਜਿਸ 'ਤੇ ਕਾਰਵਾਈ ਕਰਦਿਆਂ ਸ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ । ਹਵਾਈ ਅੱਡੇ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ ਤੇ ਸ਼ਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 83 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਤਨਾਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।            

ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਸਤਨਾਮ ਸਿੰਘ ਦੇ ਭਰਾ ਰੇਸ਼ਮ ਸਿੰਘ ਤੋਂ ਇਲਾਵਾ ਹਵਾਈ ਅੱਡੇ ਮ੍ਤਿਕ ਦੇਹ ਲੈਣ ਪਹੁੰਚੇ ਮ੍ਰਿਤਕ ਦੇ ਸਾਲੇ ਪਰਮਿੰਦਰ ਸਿੰਘ, ਭਤੀਜੇ ਜਤਿੰਦਰ ਸਿੰਘ ਤੇ ਇੰਦਰਜੀਤ ਸਿੰਘ ਆਦਿ ਨੇ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਵੇਖਿਆ ਹੈ ਜੋ ਬਿਨਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ, ਉਨ੍ਹਾਂ ਨਮ ਅੱਖਾਂ ਨਾਲ ਦੱਸਿਆ ਕਿ ਸ. ਓਬਰਾਏ ਤਾਂ ਉਨ੍ਹਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਉਹ ਉਨ੍ਹਾਂ ਦੀ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਸਤਨਾਮ ਸਿੰਘ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ.ਓਬਰਾਏ ਦੇ ਇਸ ਪਰਉਪਕਾਰ ਲਈ ਉਨ੍ਹਾਂ ਦਾ ਪੂਰੀ ਜ਼ਿੰਦਗੀ ਰਿਣੀ ਰਹੇਗਾ।


Baljeet Kaur

Content Editor

Related News