ਰੁਜ਼ਗਾਰ ਦੀ ਭਾਲ ''ਚ ਵਿਦੇਸ਼ ਗਏ ਨੌਜਵਾਨ ਦੀ ਪਰਤੀ ਲਾਸ਼

06/15/2019 3:31:36 PM

ਰਾਜਾਸਾਂਸੀ (ਨਿਰਵੈਲ) : ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਪੁੱਜੇ 24 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ ਸੀ, ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।

ਫਿਰੋਜ਼ਪੁਰ ਜ਼ਿਲੇ ਨਾਲ ਸੰਬੰਧਿਤ ਮ੍ਰਿਤਕ ਗੁਰਭੇਜ ਸਿੰਘ ਹਾਲੇ ਢਾਈ ਸਾਲ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ 'ਚ ਸਮੋਈ ਤੇ ਬਜ਼ੁਰਗ ਮਾਂ-ਪਿਉ ਦੀ ਢਰਾਸ ਬਣਨ ਲਈ ਮਜ਼ਦੂਰੀ ਕਰਨ ਦੁਬਈ ਗਿਆ ਸੀ ਕਿ ਅਚਾਨਕ ਬੀਤੀ 29 ਮਈ ਨੂੰ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ ਹੈ। ਜਦ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਦੁਬਈ ਰਹਿੰਦੇ ਉਸਦੇ ਰਿਸ਼ਤੇਦਾਰਾਂ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ 'ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਪਤਲੀ ਆਰਥਿਕ ਹਾਲਤ ਦਾ ਵਾਸਤਾ ਪਾਉਂਦਿਆਂ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।

ਹਵਾਈ ਅੱਡੇ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 117 ਬਦਨਸੀਬ ਨੌਜਵਾਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।

ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਨੌਜਵਾਨ ਦੇ ਮਾਸੜ ਬਲਵਿੰਦਰ ਸਿੰਘ ਨੇ ਜਿਥੇ ਦੱਸਿਆ ਕਿ ਗੁਰਭੇਜ ਸਿੰਘ ਦੀ ਮੌਤ 14 ਮਈ ਨੂੰ ਹੋ ਚੁੱਕੀ ਸੀ ਜਦਕਿ ਮ੍ਰਿਤਕ ਸਰੀਰ 19 ਮਈ ਨੂੰ ਮਿਲਿਆ ਅਤੇ ਉਸਦੀ ਸ਼ਨਾਖ਼ਤ 29 ਮਈ ਨੂੰ ਹੋਈ। ਇਸ ਸਮੇਂ ਬਲਵਿੰਦਰ ਸਿੰਘ ਤੋਂ ਇਲਾਵਾ ਮਾਮਾ ਭੁਪਿੰਦਰ ਸਿੰਘ, ਚਾਚਾ ਬਖਸੀਸ਼ ਸਿੰਘ, ਭਰਾ ਗੁਰਜੀਤ ਸਿੰਘ, ਦਲਜਿੰਦਰ ਸਿੰਘ, ਸਤਨਾਮ ਸਿੰਘ, ਜੀਜਾ ਸੁਖਵਿੰਦਰ ਸਿੰਘ ਤੇ ਅਮਰਬੀਰ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜ਼ਿਦਗੀ ਰਿਣੀ ਰਹੇਗਾ। ਇਥੇ ਇਹ ਵੀ ਜਿਕਰਯੋਗ ਹੈ ਕਿ ਮ੍ਰਿਤਕ ਗੁਰਭੇਜ ਸਿੰਘ ਦਾ ਸਰੀਰ ਬਹੁਤ ਦੇਰ ਦੂਰ ਦੁਰਾਡੇ ਰੇਤ ਵਿੱਚ ਪਿਆ ਰਹਿਣ ਕਾਰਨ ਪੂਰੀ ਤਰਾਂ ਖਰਾਬ ਹੋ ਚੁੱਕਾ ਹੈ ਤੇ ਵਾਰਸਾਂ ਅਨੁਸਾਰ ਉਸਦਾ ਸੰਸਕਾਰ ਬੰਦ ਬਕਸੇ ਸਮੇਤ ਹੀ ਕਰ ਦਿੱਤਾ ਜਾਵੇਗਾ ਜਦਕਿ ਉਸਦੇ ਪਰਿਵਾਰਿਕ ਮੈਂਬਰ ਕੇਵਲ ਉਸਦਾ ਮੂੰਹ ਬਕਸੇ ਤੇ ਲੱਗੇ ਸ਼ੀਸ਼ੇ ਰਾਹੀਂ ਹੀ ਦੇਖ ਸਕਣਗੇ।
 


Baljeet Kaur

Content Editor

Related News