ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

Saturday, Oct 04, 2025 - 08:21 AM (IST)

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਪ੍ਰਸਿੱਧ ਉਦਯੋਗਪਤੀ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਪਿਛਲੇ 20 ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ, ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਹਕੂਮਤ ਵਿੱਚ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੇ ਇਸ ਅਚਾਨਕ ਅਸਤੀਫ਼ੇ ਨਾਲ ਰਾਜਨੀਤਿਕ ਗਲਿਆਰਿਆਂ ਵਿੱਚ ਕਾਫ਼ੀ ਚਰਚਾ ਸ਼ੁਰੂ ਹੋ ਗਈ ਹੈ। ਰਜਿੰਦਰ ਗੁਪਤਾ ਦੀ ਗਿਣਤੀ ਸਿਰਫ਼ ਇੱਕ ਵੱਡੇ ਉਦਯੋਗਪਤੀ ਹੀ ਨਹੀਂ, ਸਗੋਂ ਸਰਕਾਰ ਵਿੱਚ ਇੱਕ ਪ੍ਰਮੁੱਖ ਹਿੰਦੂ ਚਿਹਰੇ ਵਜੋਂ ਵੀ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਵੱਡੇ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦਾ ਸਮਰਥਨ

ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਹੈ ਕਿ ਭਾਵੇਂ ਸ਼੍ਰੀ ਗੁਪਤਾ ਕਿਸੇ ਵੀ ਅਹੁਦੇ 'ਤੇ ਹੋਣ ਜਾਂ ਨਾ ਹੋਣ, ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਜ਼ਿਲ੍ਹਾ ਅਗਰਵਾਲ ਸਭਾ ਦੇ ਪ੍ਰਧਾਨ ਵਿਜੇ ਭਦੌੜੀਆ, ਅਗਰਵਾਲ ਸਭਾ ਬਰਨਾਲਾ ਦੇ ਪ੍ਰਧਾਨ ਦੀਪਕ ਬੰਸਲ ਸੋਨੀ, ਬਰਨਾਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਪ੍ਰਮੋਦ ਅਰੋੜਾ, ਲਾਇਨਜ਼ ਕਲੱਬ ਦੇ ਪ੍ਰਧਾਨ ਉਮੇਸ਼ ਬੰਸਲ, ਇੰਡਸਟਰੀ ਚੈਂਬਰ ਦੇ ਪ੍ਰਧਾਨ ਵਿਕਾਸ ਗੋਇਲ, ਸ਼ਿਵ ਸੇਵਾ ਸੰਘ ਦੇ ਚੇਅਰਮੈਨ ਐਡਵੋਕੇਟ ਸੋਮਨਾਥ ਗਰਗ, ਆਸਥਾ ਧਾਮ ਮੰਦਰ ਕਮੇਟੀ ਦੇ ਪ੍ਰਧਾਨ ਸੀਤਾ ਰਾਮ ਸੁਮੀਤ ਅਤੇ ਹੋਰ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਗੁਪਤਾ ਹਮੇਸ਼ਾ ਸਮਾਜ ਦੀ ਸੇਵਾ ਤੇ ਧਾਰਮਿਕ ਕਾਰਜਾਂ ਲਈ ਅੱਗੇ ਰਹੇ ਹਨ। ਉਨ੍ਹਾਂ ਕਿਹਾ ਕਿ ਰਜਿੰਦਰ ਗੁਪਤਾ ਨੇ ਨਾ ਸਿਰਫ਼ ਬਰਨਾਲਾ ਵਿੱਚ ਉਦਯੋਗ ਨੂੰ ਮਜ਼ਬੂਤੀ ਦਿੱਤੀ ਹੈ, ਸਗੋਂ ਸ਼ਹਿਰ ਦੇ ਵਿਕਾਸ ਅਤੇ ਭਲਾਈ ਕਾਰਜਾਂ ਵਿੱਚ ਵੀ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਇਸ ਕਾਰਨ ਸ਼ਹਿਰ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਆਪਣਾ ਸੱਚਾ ਮਾਰਗਦਰਸ਼ਕ ਤੇ ਆਗੂ ਮੰਨਦੇ ਹਨ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਕਰਮਚਾਰੀਆਂ ਨੂੰ ਦਿੱਤਾ ਖ਼ਾਸ ਤੋਹਫ਼ਾ, ਹੁਣ ਇਸ ਸੂਬਾ ਸਰਕਾਰ ਨੇ ਵਧਾਇਆ ਮਹਿੰਗਾਈ ਭੱਤਾ

ਉਦਯੋਗ ਅਤੇ ਧਰਮ ਨਾਲ ਵਿਸ਼ੇਸ਼ ਜੁੜਾਅ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਵਜੋਂ ਰਜਿੰਦਰ ਗੁਪਤਾ ਨੇ ਬਰਨਾਲਾ ਨੂੰ ਉਦਯੋਗਿਕ ਪੱਧਰ 'ਤੇ ਨਵੀਂ ਪਛਾਣ ਦਿੱਤੀ। ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਪ੍ਰਦਾਨ ਕਰਕੇ ਉਨ੍ਹਾਂ ਨੇ ਸਮਾਜ ਵਿੱਚ ਵੱਡਾ ਯੋਗਦਾਨ ਪਾਇਆ ਹੈ। ਇਸ ਦੇ ਨਾਲ-ਨਾਲ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਜੋਂ ਉਨ੍ਹਾਂ ਨੇ ਮੰਦਰ ਦੇ ਵਿਕਾਸ ਅਤੇ ਸਹੂਲਤਾਂ ਵਿੱਚ ਮਹੱਤਵਪੂਰਨ ਕੰਮ ਕੀਤੇ। ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਭਵਿੱਖ ਵਿੱਚ ਵੀ ਸ਼੍ਰੀ ਗੁਪਤਾ ਦੇ ਹਰ ਫ਼ੈਸਲੇ ਵਿੱਚ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਅਨੁਸਾਰ, ਗੁਪਤਾ ਦੀ ਸੋਚ ਤੇ ਸੇਵਾ ਦੀ ਭਾਵਨਾ ਹੀ ਉਹਨਾਂ ਨੂੰ ਸਮਾਜ ਦੇ ਹਰ ਵਰਗ ਨਾਲ ਜੋੜ ਕੇ ਰੱਖਦੀ ਹੈ।

ਇਹ ਵੀ ਪੜ੍ਹੋ : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਤਰੰਜ ਦਾ ਸ਼ਾਨਦਾਰ ਆਗਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News