ਆਰ. ਐੱਸ. ਐੱਸ. ਆਗੂ ਦੇ ਕਤਲ ''ਤੇ ਰਾਜਨਾਥ ਸਿੰਘ ਸਖਤ, ਕੈਪਟਨ ਨੂੰ ਦਿੱਤੇ ਹੁਕਮ

10/17/2017 5:42:42 PM

ਫਿਰੋਜ਼ਪੁਰ (ਕੁਮਾਰ) : ਆਰ.ਐੱਸ.ਐੱਸ. ਦੇ ਆਗੂ ਰਵਿੰਦਰ ਗੋਸਾਈਂ ਦੀ ਲੁਧਿਆਣਾ ਵਿਚ 2 ਮੋਟਰਸਾਈਕਲ ਸਵਾਰਾਂ ਵੱਲੋਂ ਕੀਤੇ ਗਏ ਕਤਲ ਨੂੰ ਲੈ ਕੇ ਅੱਜ ਫਿਰੋਜ਼ਪੁਰ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਸਥਾਰਪੂਰਕ ਚਰਚਾ ਕੀਤੀ। ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਾਬਕਾ ਭਾਜਪਾ ਪ੍ਰਧਾਨ ਕਮਲ ਸ਼ਰਮਾ ਰਾਸ਼ਟਰੀ ਕਾਰਜਕਰਨੀ ਮੈਂਬਰ ਭਾਜਪਾ ਨੇ ਦੱਸਿਆ ਕਿ ਰਾਜਨਾਥ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਸੰਘ ਸੇਵਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਕਮਲ ਸ਼ਰਮਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਅਨੁਸਾਰ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਪੁਲਸ ਨੂੰ ਕਾਤਲਾਂ ਸਬੰਧੀ ਕਈ ਅਹਿਮ ਸੁਰਾਗ ਮਿਲੇ ਹਨ ਅਤੇ ਪੁਲਸ ਟੀਮਾਂ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਛਾਪਾਮਾਰੀ ਕਰ ਰਹੀ ਹੈ।